ਇਨਸਾਫ ਰੈਲੀ ਦੌਰਾਨ ਪਿੰਡ ਖਾਈ ’ਚ ਜੁੜਿਆ ਵੱਡਾ ਇਕੱਠ
ਅੱਜ ਇਥੇ ਪਿੰਡ ਖਾਈ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੇ ਸੱਦੇ ’ਤੇ ਪਿੰਡ ਵਿੱਚ ਇਨਸਾਫ ਰੈਲੀ ਕੀਤੀ ਗਈ, ਜਿਸ ਵਿੱਚ ਪਿਛਲੇ ਦਿਨੀ ਭੂ ਮਾਫੀਆ ਵੱਲੋਂ ਕਾਤਲਾਨਾ ਹਮਲਾ ਕਰਕੇ ਜ਼ਖ਼ਮੀ ਕੀਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ ਖਾਈ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਰੈਲੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਕਿਹਾ ਕਿ ਪਿੰਡ ਖਾਈ ਵਿੱਚ ਗਰੀਬ ਪਰਿਵਾਰ ਦੀ ਜ਼ਮੀਨ ਗਲਤ ਤਰੀਕੇ ਨਾਲ ਹਥਿਆਉਣ ਦੀ ਕੋਸ਼ਿਸ਼ ਕਰਨ ਵਾਲੇ ਭੂ ਮਾਫੀਆ ਖ਼ਿਲਾਫ਼ ਮਾਸਟਰ ਨਿਰਭੈ ਸਿੰਘ ਖਾਈ ਨੇ ਡੱਟ ਕੇ ਪਹਿਰਾ ਦਿੱਤਾ। ਉਕਤ ਗਿਰੋਹ ਵੱਲੋਂ ਜੋ ਨਿਰਭੈ ਸਿੰਘ ’ਤੇ ਕਥਿਤ ਤੌਰ ’ਤੇ ਪੁਲੀਸ ਪ੍ਰਸ਼ਾਸਨ ਦੀ ਸ਼ਹਿ ’ਤੇ ਹਮਲਾ ਹੋਇਆ ਹੈ। ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਭਰਾਤਰੀ ਜਥੇਬੰਦੀ ਬੀ ਕੇ ਯੂ ਏਕਤਾ ਉਗਰਾਹਾ ਦੇ ਬਲਾਕ ਆਗੂ ਰਾਮ ਸਿੰਘ ਨੰਗਲਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਸ ਇਨਸਾਫ ਦੀ ਲੜਾਈ ਵਿੱਚ ਡੱਟ ਕੇ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਆਗੂ ਪਾਲ ਸਿੰਘ ਖਾਈ ਨੇ ਵਿਸ਼ਵਾਸ ਦਵਾਇਆ ਕਿ ਪਿੰਡ ਵੱਲੋਂ ਪਹਿਲਾਂ ਦੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ। ਉਧਰ ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ’ਚ ਕੇਸ ਦਰਜ ਕਰਕੇ ਕੁਝ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਹੋਇਆ ਹੈ ਅਤੇ ਇੱਕ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।
