ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਅਪਰੈਲ
ਇਥੋਂ ਨੇੜਲੇ ਪਿੰਡ ਘਰਾਚੋਂ ਦਾ ਨੌਜਵਾਨ ਮਤਵਾਲ ਸਿੰਘ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਲੈ ਕੇ ਬਰਾਤ ਚੜ੍ਹਿਆ। ਇਸ ਮੌਕੇ ਮਤਵਾਲ ਸਿੰਘ ਨੇ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਕਿਸਾਨ ਸੰਘਰਸ਼ ਚੱਲ ਰਿਹਾ ਹੈ ਤਾਂ ਕਿਸਾਨ ਆਪਣੀਆਂ ਖੁਸ਼ੀਆਂ ਦੇ ਕਾਰਜ ਵੀ ਕਿਸਾਨ ਯੂਨੀਅਨ ਦੇ ਝੰਡੇ ਲਹਿਰਾ ਕੇ ਕਰਨਗੇ। ਲਾਡੜੇ ਦੇ ਦੋਸਤ ਸੰਦੀਪ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਕਿਸਾਨ ਸੰਘਰਸ਼ ਨਾਲ ਜੋੜਨ ਲਈ ਉਤਸ਼ਾਹਿਤ ਕਰੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਅਤੇ ਸੁਖਦੇਵ ਸਿੰਘ ਘਰਾਚੋਂ ਨੇ ਪਿੰਡ ਦੇ ਨੌਜਵਾਨ ਦੀ ਸ਼ਲਾਘਾ ਕੀਤੀ।