ਨਿਜੀ ਪੱਤਰ ਪ੍ਰੇਰਕ
ਸੰਗਰੂਰ, 13 ਅਗਸਤ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵੱਲੋਂ ਇੱਥੇ ਜ਼ਿਲ੍ਹਾ ਲਾਇਬਰੇਰੀ ਨਜ਼ਦੀਕ ਬਣਾਏ ਜਾ ਰਹੇ ਆਮ ਆਦਮੀ ਕਲੀਨਿਕ ਦਾ ਵੱਖੋ-ਵੱਖ ਦੌਰਾ ਕੀਤਾ ਗਿਆ। ਵਿਧਾਇਕ ਵੱਲੋਂ ਕੀਤੇ ਦੌਰੇ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਵਾਲੰਟੀਅਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਆਦਿ ਮੌਜੂਦ ਸਨ ਜਦਕਿ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਦੌਰੇ ਦੌਰਾਨ ਏਡੀਸੀ ਅਨਮੋਲ ਸਿੰਘ ਧਾਲੀਵਾਲ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਮੌਜੂਦ ਸਨ।
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 15 ਅਗਸਤ ਨੂੰ ਇਨ੍ਹਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਉੱਧਰ, ਆਪਣੇ ਦੌਰੇ ਦੌਰਾਨ ਡੀਸੀ ਸ੍ਰੀ ਜ਼ੋਰਵਾਲ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ 15 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਚਾਰ ਆਮ ਆਦਮੀ ਕਲੀਨਿਕ ਆਰੰਭ ਹੋਣਗੇ ਤੇ ਇਸ ਉਪਰੰਤ ਛੇਤੀ ਹੀ 7 ਹੋਰ ਆਮ ਆਦਮੀ ਕਲੀਨਿਕ ਆਰੰਭ ਕੀਤੇ ਜਾਣਗੇ।