AAP ਵੱਲੋਂ BJP ’ਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਨਾਇਬ ਸੈਣੀ ’ਤੇ ਨਿਸ਼ਾਨੇ ਸੇਧੇ
ਪੰਜਾਬ ਵਿੱਚ ਸਿਆਸੀ ਪਾਰਟੀਆਂ ਲੋਕਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁਟ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ’ਤੇ ਮੁੜ ਤੋਂ ਵਿਧਾਇਕ ਦੀ ਖਰੀਦੋ-ਫਰੋਖ਼ਤ ਦੇ ਦੋਸ਼ ਲਗਾਏ ਹਨ। ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਚੰਡੀਗੜ੍ਹ ਵਿੱਚ ਦਾਅਵਾ ਕੀਤਾ ਕਿ ਭਾਜਪਾ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਅਪਰੇਸ਼ਨ ਲੋਟਸ’ ਤਹਿਤ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਸ ਨਾਲ ਰਾਬਤਾ ਕਰ ਕੇ ਬੰਦ ਕਮਰਾ ਮੀਟਿੰਗ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਭਾਜਪਾ ਦੀ ਟਿਕਟ ਅਤੇ ਹੋਰ ਮੰਗਾਂ ਪੂਰਾ ਕਰਨ ਦੀ ਪੇਸ਼ਕਸ਼ ਵੀ ਕੀਤੀ ਗਈ ਜਿਸ ਨੂੰ ਉਸ ਨੇ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਾਲ 2014 ਤੋਂ ‘ਆਪ’ ਨਾਲ ਜੁੜੀ ਹੋਈ ਹੈ ਅਤੇ ‘ਆਪ’ ਨੇ ਹੀ ਉਸ ਨੂੂੰ ਛੋਟੀ ਉਮਰ ਵਿੱਚ ਵਿਧਾਇਕ ਬਣਾ ਦਿੱਤਾ ਹੈ। ‘ਆਪ’ ਦੇ ਵਿਧਾਇਕ ਭਾਜਪਾ ਦੇ ਲਾਲਚ ਵਿੱਚ ਆਉਣ ਵਾਲੇ ਨਹੀਂ ਹਨ ਤੇ ਨਾ ਹੀ ਵਿਕਣ ਵਾਲੇ ਹਨ। ਵਿਧਾਇਕਾ ਨੇ ਹਰਿਆਣਾ ਦੇ ਮੁੱਖ ਮੰਤਰੀ ’ਤੇ ਹਮਲਾ ਕਰਦਿਆਂ ਕਿਹਾ ਕਿ ਅੱਜ ਕੱਲ੍ਹ ਨਾਇਬ ਸੈਣੀ ਪੰਜਾਬ ਦੀਆਂ ਗਲੀਆਂ ਵਿੱਚ ਘੁੰਮ ਰਹੇ ਹਨ। ਇਸ ਤੋਂ ਲਗਦਾ ਹੈ ਕਿ ਭਾਜਪਾ ਨੇ ਉਨ੍ਹਾਂ ਨੂੰ ਡੈਪੂਟੇਸ਼ਨ ’ਤੇ ਪੰਜਾਬ ਭੇਜ ਦਿੱਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਮੀਡੀਆ ਸਕੱਤਰ ਪ੍ਰਵੀਨ ਅੱਤਰੇ ਨੇ ‘ਆਪ’ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਤਾਂ ਨਰਿੰਦਰ ਕੌਰ ਭਰਾਜ ਨੂੰ ਜਾਣਦੇ ਵੀ ਨਹੀਂ।

