ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ‘ਆਪ’ ਦੇ ਲਹਿਰਾਗਾਗਾ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਉਰਫ਼ ਗੁਰੀ ਚਹਿਲ ਨੇ ਆਪਣੇ ਅਹੁਦੇ ਦੇ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗੁਰੀ ਚਹਿਲ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਕਿਸਾਨਾਂ ਲਈ ਘਾਤਕ ਹੈ। ਕਿਸਾਨ ਹੋਣ ਦੇ ਨਾਤੇ ਉਹ ਉਨ੍ਹਾਂ ਦਾ ਦਰਦ ਸਮਝਦੇ ਹਨ। ਇਸ ਦੇ ਦੇ ਰੋਸ ਵਜੋਂ ਉਨ੍ਹਾਂ ਪਾਰਟੀ ਤੋਂ ਅਸਤੀਫਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਵੇਗੀ। ਇਸ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਵੀ ਜਾਵੇਗੀ ਤੇ ਉਨ੍ਹਾਂ ਨੁੂੰ ਪੈਸੇ ਵੀ ਨਹੀਂ ਮਿਲਣਗੇ। ਪੰਜਾਬ ਦਾ ਬੱਚਾ ਬੱਚਾ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਿਹਾ ਹੈ ਜੋ ਲੋਕ ਲਹਿਰ ਵਿੱਚ ਬਦਲ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਨੀਤੀ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਨੁੂੰ ਵਾਪਸ ਲੈਣਾ ਚਾਹੀਦਾ ਹੈ। ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਕਹਾਉਂਦੇ ਹਨ ਪਰ ਦੂਜੇ ਪਾਸੇ ਸਰਕਾਰ ਲੈਂਡ ਪੂਲਿੰਗ ਜਿਹੀ ਨੀਤੀ ਲੈ ਕੇ ਅੰਨਦਾਤਾ ਕਹਾਉਣ ਵਾਲੇ ਕਿਸਾਨ ਨੂੰ ਬੇਜ਼ਮੀਨੇ ਕਰਨਾ ਚਾਹੁੰਦੀ ਹੈ।