ਨਿਜੀ ਪੱਤਰ ਪ੍ਰੇਰਕ
ਸੰਗਰੂਰ, 5 ਅਕਤੂਬਰ
ਆਮ ਆਦਮੀ ਪਾਰਟੀ ਵਲੋਂ ਉਤਰ ਪ੍ਰਦੇਸ਼ ਦੇ ਲਖੀਮਪੁਰ ’ਚ ਵਾਪਰੀ ਘਟਨਾ ਲਈ ਜਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਮੰਗ ਕੀਤੀ ਕਿ ਕੇਂਦਰੀ ਰਾਜ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ’ਚੋ ਬਰਖਾਸਤ ਕਰਕੇ ਮੁਲਜ਼ਮ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ‘ਆਪ’ ਵਰਕਰ ਲਾਲ ਬੱਤੀ ਚੌਕ ’ਚ ਇਕੱਠੇ ਹੋਏ ਜਿਥੇ ਕੇਂਦਰੀ ਰਾਜ ਮੰਤਰੀ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਦੇ ਸੂਬਾਈ ਆਗੂਆਂ ਮਹਿੰਦਰ ਸਿੰਘ ਸਿੱਧੂ, ਡਾ. ਗੁਨਿੰਦਰਜੀਤ ਸਿੰਘ ਜਵੰਧਾ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਅਤੇ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਲਖੀਮਪੁਰ ’ਚ ਵਾਪਰੀ ਘਟਨਾ ਨਾਲ ਭਾਜਪਾ ਦਾ ਕਿਸਾਨ ਤੇ ਘੱਟ ਗਿਣਤੀਆਂ ਵਿਰੋਧੀ ਚਿਹਰੇ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਗੱਡੀਆਂ ਹੇਠਾਂ ਕੁਚਲ ਕੇ ਸ਼ਹੀਦ ਕਰਨਾ ਅਤਿ ਨਿੰਦਣਯੋਗ ਘਟਨਾ ਹੈ। ਇਸ ਘਟਨਾ ਨੇ ਭਾਜਪਾ ਦੀ ਫਿਰਕੂ ਸੋਚ ’ਤੇ ਮੋਹਰ ਲਗਾ ਦਿੱਤੀ ਹੈ ਜਿਸਦੀ ਦੇਸ਼-ਵਿਦੇਸ਼ ਵਿਚ ਅਲੋਚਨਾ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਲਈ ਜਿੰਮੇਵਾਰ ਪਿਓ-ਪੁੱਤ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਕਿਸਾਨਾਂ ਪ੍ਰਤੀ ਵਿਵਾਦਿਤ ਟਿੱਪਣੀਆਂ ਕਰਕੇ ਦੇਸ਼ ਵਿਚ ਹਿੰਸਾ ਲਈ ਉਕਸਾਉਣ ਵਾਲੇ ਭਾਜਪਾ ਆਗੂਆਂ ਨੂੰ ਲਗਾਮ ਲਾਈ ਜਾਵੇ।
ਪਟਿਆਲਾ (ਪੱਤਰ ਪ੍ਰੇਰਕ) ਯੂ.ਪੀ. ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਖ਼ਿਲਾਫ਼ ਹੋਈ ਹਿੰਸਾ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਭਾਜਪਾ ਨੂੰ ਜ਼ਿੰਮੇਵਾਰ ਮੰਨਦਿਆਂ ਆਮ ਆਦਮੀ ਪਾਰਟੀ ਨੇ ਇੱਥੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦੇ ਪੁਤਲੇ ਸਾੜੇ। ‘ਆਪ’ ਵੱਲੋਂ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਤੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਡੀਸੀ ਦਫ਼ਤਰ ਅੱਗੇ ਭਾਜਪਾ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ ਵੱਲੋਂ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਕਿਸਾਨਾਂ ਦਾ ਕਤਲ ਕੀਤਾ ਗਿਆ। ਇਸ ਘਟਨਾ ਦੀ ‘ਆਪ’ ਵੱਲੋਂ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੀ ਮੋਦੀ ਤੇ ਯੋਗੀ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਪ੍ਰਤੀ ਜ਼ਾਲਮ ਸਿੱਧ ਹੋ ਰਹੀ ਹੈ ਤੇ ਸ਼ਾਂਤਮਈ ਕਿਸਾਨ-ਮਜ਼ਦੂਰ ਧਰਨੇ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਵਰਤ ਰਹੀ ਹੈ। ਅੱਜ ਆਮ ਆਦਮੀ ਪਾਰਟੀ ਵੱਲੋਂ ਸਾਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖਮੰਤਰੀ ਯੋਗੀ ਦਾ ਪੁਤਲਾ ਫੂਕਿਆ ਗਿਆ।