ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਕਤੂਬਰ
ਸੁਨਾਮ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਈਲਵਾਲ ਦੇ ਸਾਬਕਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਈਲਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਪਾਰਟੀ ਹਾਈਕਮਾਂਡ ਵੱਲੋਂ ਹਾਲੇ ਦੋ ਦਿਨ ਪਹਿਲਾਂ ਹੀ ਅਵਤਾਰ ਸਿੰਘ ਈਲਵਾਲ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਸੀ।
ਸ੍ਰੀ ਈਲਵਾਲ ਵੱਲੋਂ ਦੋ ਦਿਨ ਪਹਿਲਾਂ ਹੀ ਨਵ-ਨਿਯੁਕਤ ਜ਼ਿਲ੍ਹਾ ਇੰਚਾਰਜ ਮਹਿੰਦਰ ਸਿੰਘ ਸਿੱਧੂ ਦੀ ਨਿਯੁਕਤੀ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਦੀ ਅਗਵਾਈ ਹੇਠ ਕੰਮ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇੱਥੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਈਲਵਾਲ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਪਾਰਟੀ ਹਾਈਕਮਾਂਡ ਵੱਲੋਂ ਜਿਸ ਵਿਅਕਤੀ ਨੂੰ ਜ਼ਿਲ੍ਹਾ ਇੰਚਾਰਜ ਲਗਾਇਆ ਗਿਆ ਹੈ ਉਸ ਨੇ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜਨ ਦੇ ਆਪਣੇ ਕਾਗ਼ਜ਼ ਐਨ ਆਖ਼ਰੀ ਮੌਕੇ ’ਤੇ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਵਾਪਸ ਲੈ ਲਏ ਸਨ। ਅਜਿਹੇ ਵਿਅਕਤੀ ਨੂੰ ਪਾਰਟੀ ਦਾ ਜ਼ਿਲ੍ਹਾ ਇੰਚਾਰਜ ਲਾਉਣਾ ਚੰਗੀ ਗੱਲ ਨਹੀਂ ਹੈ ਅਤੇ ਅਜਿਹੇ ਵਿਅਕਤੀ ਦੀ ਇੰਚਾਰਜੀ ਹੇਠ ਕੰਮ ਕਰਨ ਲਈ ਉਨ੍ਹਾਂ ਦੀ ਜ਼ਮੀਰ ਇਜਾਜ਼ਤ ਨਹੀਂ ਦਿੰਦੀ। 2019 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਦੇ ਚੋਣ ਇੰਚਾਰਜ ਅਤੇ ਲਹਿਰਾਗਾਗਾ, ਦਿੜ੍ਹਬਾ ਤੇ ਸੁਨਾਮ ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਵਜੋਂ ਸੇਵਾ ਨਿਭਾਅ ਚੁੱਕੇ ਸ੍ਰੀ ਈਲਵਾਲ ਨੇ ਆਖਿਆ ਕਿ ਉਹ ਬਤੌਰ ਵਰਕਰ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਮਾਮਲੇ ’ਤੇ ਮੁੜ ਤੋਂ ਵਿਚਾਰ ਕੀਤਾ ਜਾਵੇ। ਉੱਧਰ, ‘ਆਪ’ ਦੇ ਜ਼ਿਲ੍ਹਾ ਇੰਚਾਰਜ ਮਹਿੰਦਰ ਸਿੰਘ ਸਿੱਧੂ ਨੇ ਇਸ ਮਾਮਲੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ਼ ਐਨਾ ਕਿਹਾ ਕਿ ਇਹ ਫੈਸਲਾ ਪਾਰਟੀ ਦਾ ਹੈ ਕਿ ਕਿਸ ਵਿਅਕਤੀ ਨੂੰ ਕਿਹੜੀ ਜ਼ਿੰਮੇਵਾਰੀ ਸੌਂਪਣੀ ਹੈ। ਉਨ੍ਹਾਂ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।