Punjab Mandi Board: ਵਾਲੰਟੀਅਰਾਂ ਸਦਕਾ ਹੀ ‘ਆਪ’ ਨੇ ਸਰਕਾਰ ਬਣਾਈ: ਬਰਸਟ
ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਪਿੰਡ ਗੁਰੂ ਨਾਨਕ ਨਗਰ ਵਿੱਚ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ
‘ਆਪ’ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਹਲਕਾ ਸਮਾਣਾ ਅਧੀਨ ਆਉਂਦੇ ਵਾਰਡ ਨੰਬਰ 5 ਦੇ ਪਿੰਡ ਗੁਰੂ ਨਾਨਕ ਨਗਰ ਵਿੱਚ ਵਾਲੰਟੀਅਰ ਮਿਲਣੀ ਕੀਤਾ ਗਈ। ਸਰਪੰਚ ਜਤਿੰਦਰ ਸਿੰਘ ਸੋਨੂੰ ਦੀ ਰਿਹਾਇਸ਼ ’ਤੇ ਹੋਏ ਸਮਾਗਮ ਦੌਰਾਨ ‘ਆਪ’ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਲਕਾ ਸਮਾਣਾ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਾਲੰਟੀਅਰਾਂ ਅਤੇ ਇਲਾਕਾ ਵਾਸੀਆਂ ਨੇ ਹਿੱਸਾ ਲਿਆ। ਚੇਅਰਮੈਨ ਨੇ ਵਾਲੰਟੀਅਰਾਂ ਅਤੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਲੰਟੀਅਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਪੰਜਾਬ ਵਿੱਚ ਇਤਿਹਾਸਕ ਬਦਲਾਅ ਆਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਗਾਤਾਰ ਕੰਮਾਂ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਸਰਕਾਰ ਬਣਦੇ ਹੀ ਸੂਬਾ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਨਾਲ 90 ਫ਼ੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ। ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਮਿਸਾਲੀ ਸੁਧਾਰ ਕੀਤੇ ਹਨ। ਲੋਕਾਂ ਨੂੰ ਜਿੱਥੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਹੂਲਤਾਂ ਦਿੱਤੀਆ ਜਾ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਵੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਸ੍ਰੀ ਬਰਸਟ ਨੇ ਕਿਹਾ ਕਿ ਹਲਕਾ ਸਮਾਣਾ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕੁਲਦੀਪ ਸਿੰਘ ਵਿਰਕ, ਪਰਮਜੀਤ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ, ਨਰਿੰਦਰ ਸਿੰਘ, ਰਾਮ ਸਿੰਘ ਆਦਿ ਮੌਜੂਦ ਰਹੇ।

