ਨਿਜੀ ਪੱਤਰ ਪ੍ਰੇਰਕ
ਸੰਗਰੂਰ, 4 ਸਤੰਬਰ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਉਣ ਜਾ ਰਹੀ ਹੈ ਪਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਮੰਗਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ਾਂ ਦੇ ਪਿੜਾਂ ਵਿੱਚ ਜੂਝ ਰਹੇ ਹਨ। ਸਿਹਤ ਤੇ ਸਿੱਖਿਆ ਨੂੰ ਪਹਿਲੀ ਤਰਜੀਹ ਦੇਣ ਦੇ ਦਾਅਵੇ ਕਰਨ ਵਾਲੀ ਸਰਕਾਰ ਛੇ ਮਹੀਨਿਆਂ ਵਿੱਚ ਸਿੱਖਿਆ ਖੇਤਰ ਲਈ ਕੁਝ ਵੀ ਨਹੀਂ ਕਰ ਸਕੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਨੇ ਜਾਰੀ ਸਾਂਝੇ ਬਿਆਨ ’ਚ ਕਿਹਾ ਕਿ ਜੇਕਰ ਮਾਨ ਸਰਕਾਰ ਸੱਚਮੁੱਚ ਹੀ ਅਧਿਆਪਕਾਂ ਨੂੰ ਮਾਣਯੋਗ ਸਮਝਦੀ ਹੈ ਤੇ ਉਨ੍ਹਾਂ ਨੂੰ ਅਸਲ ਸਨਮਾਨ ਦੇਣਾ ਚਾਹੁੰਦੀ ਹੈ ਤਾਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਮਾੜੀਆਂ ਜੀਵਨ ਹਾਲਤਾਂ ‘ਚ ਜ਼ਿੰਦਗੀ ਬਿਤਾ ਰਹੇ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਸੂਬੇ ਦੇ ਸਕੂਲਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਤੁਰੰਤ ਭਰੇ, ਪ੍ਰਿੰਸੀਪਲਜ਼ ਤੋਂ ਸੱਖਣੇ 600 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲ ਨਿਯੁਕਤ ਕਰੇ ਅਤੇ ਨਿੱਜੀਕਰਨ, ਭਗਵਾਂਕਰਨ, ਕਾਰਪੋਰੇਟੀਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਤੋਂ ਕੋਰਾ ਜਵਾਬ ਦੇਵੇ। ਉਨ੍ਹਾਂ ਕਿਹਾ ਕਿ ਦੂਸਰੇ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਚੈਕਿੰਗ ਕਰਨ ਲਈ ਭੇਜ ਕੇ ਠਾਣੇਦਾਰੀ ਕਰਨ ਵਾਲੇ ਹੁਕਮ ਵਾਪਸ ਲਵੇ ਅਤੇ ਸਹੂਲਤਾਂ ਤੇ ਅਧਿਆਪਕਾਂ ਤੋਂ ਸੱਖਣੇ ਸਕੂਲਾਂ ਵੱਲ ਧਿਆਨ ਦੇਵੇ। ਜਦੋਂ ਤੱਕ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦਾ ਅਸਲ ਸਨਮਾਨ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਲਿਆਉਣੇ ਬਹੁਤ ਮੁਸ਼ਕਲ ਹੋਣਗੇ।
ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਮੁੱਖ-ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ
ਸੰਗਰੂਰ (ਨਿਜੀ ਪੱਤਰ ਪ੍ਰਰਕ): ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਮੁੜ ਸੰਘਰਸ਼ ਵਿੱਢਦਿਆਂ 6 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਚੱਲ ਰਹੀ ਅਧਿਆਪਕ ਭਰਤੀ ਪ੍ਰਕਿਰਿਆ ਦੌਰਾਨ 4161 ਅਸਾਮੀਆਂ ‘ਚ ਵਾਧਾ ਕੀਤਾ ਜਾਵੇ। ਨਵੀਂ ਭਰਤੀ ਦੀ ਵੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਗ੍ਰੈਜੂਏਸ਼ਨ ਵਿੱਚੋਂ 55 ਫੀਸਦੀ ਅੰਕਾਂ ਦੀ ਸ਼ਰਤ ਪੱਕੇ ਤੌਰ ’ਤੇ ਰੱਦ ਕੀਤੀ ਜਾਵੇ। ਲੈਕਚਰਾਰ ਭਰਤੀ ਲਈ ਇਤਿਹਾਸ, ਰਾਜਨੀਤੀ ਸਾਸ਼ਤਰ ਅਤੇ ਹੋਰਨਾਂ ਉਪ-ਵਿਸ਼ਿਆਂ ਦੇ ਨਾਲ-ਨਾਲ ਪਹਿਲਾਂ ਹੋਈਆਂ ਭਰਤੀਆਂ ਅਨੁਸਾਰ ਸਮਾਜਿਕ ਸਿੱਖਿਆ ਦੇ ਉਮੀਦਵਾਰਾਂ ਨੂੰ ਵੀ ਸ਼ਾਮਲ ਕਰਨ ਲਈ ਕੋਰੀਜੰਡਮ ਤੁਰੰਤ ਜਾਰੀ ਕੀਤਾ ਜਾਵੇ। ਹੋਈਆਂ ਮਾਸਟਰ ਕਾਡਰ ਪ੍ਰੀਖਿਆਵਾਂ ਦੀਆਂ ਉੱਤਰ-ਕੁੰਜੀਆਂ ਦਰੁਸਤ ਕੀਤੀਆਂ ਜਾਣ।
ਏਡਿਡ ਸਕੂਲ ਅਧਿਆਪਕ ਯੂਨੀਅਨ ਵੱਲੋਂ ਘਿਰਾਓ ਦਾ ਪ੍ਰੋਗਰਾਮ ਮੁਲਤਵੀ
ਪਟਿਆਲਾ (ਖੇਤਰੀ ਪ੍ਰਤੀਨਿਧ): ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਪੈਨਸ਼ਨਰ ਯੂਨੀਅਨ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੇ ਸ੍ਰੀ ਆਨੰਦਪੁਰ ਸਾਹਿਬ ਵਿਰਾਸਤ ਏ ਖਾਲਸਾ ਕੰਪਲੈਕਸ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੇ ਘਿਰਾਓ ਦਾ ਉਲੀਕਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਐੱਨ.ਐੱਨ ਸੈਣੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਯੂਨੀਅਨ ਨੂੰ 6 ਸਤੰਬਰ ਨੂੰ ਪੈਨਲ ਮੀਟਿੰਗ ਲਈ ਸੱਦਾ ਪੱਤਰ ਦਿੱਤਾ ਹੈ ਜਿਸ ਕਰਕੇ ਹੀ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ।