ਕਾਂਗਰਸ ਦੀਆਂ ਨੀਤੀਆਂ ਖਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਨਾਜਾਇਜ਼ ਸ਼ਰਾਬ ਦੀ ਵਿਕਰੀ ਵਿਚ ਸਿਆਸੀ ਸ਼ਮੂਲੀਅਤ ਦੇ ਦੋਸ਼

ਕਾਂਗਰਸ ਦੀਆਂ ਨੀਤੀਆਂ ਖਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

ਅਮਰਗੜ੍ਹ ਵਿਚ ‘ਆਪ’ ਦੇ ਕਾਰਕੁਨ ਬਾਜ਼ਾਰ ਵਿੱਚ ਪ੍ਰਦਰਸ਼ਨ ਕਰਦੇ ਹੋਏ।

ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 2 ਅਗਸਤ

ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ‘ਆਪ’ ਵੱਲੋਂ ਸੁਨਾਮ ਦੇ ਮਾਤਾ ਮੋਦੀ ਚੌਕ ਅਤੇ ਅਗਰਵਾਲ ਚੌਕ ਸੁਨਾਮ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ‘ਆਪ’ ਪੰਜਾਬ ਦੇ ਸੋਸ਼ਲ ਮੀਡੀਆ ਮੈਂਬਰ ਅਤੇ ਸੁਨਾਮ ਇੰਚਾਰਜ ਮੁਕੇਸ਼ ਜੁਨੇਜਾ, ਯੂਥ ਆਗੂ ਵਿਸ਼ਵਮੀਤ ਸਿੰਘ ਅਤੇ ਮਨੀ ਸਰਾਓ ਨੇ ਕਿਹਾ ਕਿ ਸੂਬੇ ਦੇ ਜ਼ਿਲ੍ਹਾ ਅੰਮ੍ਰਿਤਸਰ, ਤਰਨਾ ਤਰਨ ਅਤੇ ਬਟਾਲਾ ਆਦਿ ਵਿੱਚ ਨਾਜਾਇਜ਼ ਤੌਰ ’ਤੇ ਵਿਕ ਰਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 86 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਪਰ ਦੁੱਖ ਦੀ ਗੱਲ ਹੈ ਕਿ ਹੁਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਪੀੜਤ ਪਰਿਵਾਰਾਂ ਨੂੰ ਮਿਲਣ ਤੱਕ ਨਹੀਂ ਪਹੁੰਚਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਦਾ ਦੁੱਖ ਸੁਣਨ ਦੀ ਬਜਾਇ ਆਬਕਾਰੀ ਵਿਭਾਗ ਅਤੇ ਕੁਝ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ‘ਆਪ’ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਨੂੰ ਪੰਜਾਬ ਵਿਚੋਂ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਹਾਸਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਅਸਤੀਫ਼ਾ ਦੇਣਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਅਮਰਗੜ੍ਹ (ਰਾਜਿੰਦਰ ਜੈਦਕਾ): ‘ਆਪ’ ਨੇ ਨਵਜੋਤ ਸਿੰਘ ਦੀ ਅਗਵਾਈ ਹੇਠ ਇੱਥੇ ਬਾਜ਼ਾਰ ਵਿੱਚ ਪ੍ਰਦਰਸ਼ਨ ਕਰਦਿਆਂ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਲਕਾ ਕੋ ਇੰਚਾਰਜ ਗੁਰਦੇਵ ਸਿੰਘ ਸੰਗਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ, ਰਣਧੀਰ ਸਿੰਘ ਮੁਹਾਲਾ, ਕੇਵਲ ਸਿੰਘ, ਰੋਹਤਾਸ ਵਰਮਾ ਤੇ ਸ਼ੇਰ ਸਿੰਘ ਆਦਿ ਨੇ ਪ੍ਰਦਰਸ਼ਨ ਵਿੱਚ ਭਾਗ ਲਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਦੀ ਸ਼ਰਾਬ ਦਾ ਕਾਰੋਬਾਰ ਸਰਕਾਰ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ। ਇਸ ਲਈ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸ੍ਰੀ ਸੰਗਾਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਝੂਠੀ ਸਹੁੰ ਖਾ ਕੇ ਸੱਤਾ ਹਾਸਲ ਕੀਤੀ ਤੇ ਹੁਣ ਸਭ ਕੁਝ ਭੁੱਲ ਬੈਠੇ ਹਨ।

ਧੂਰੀ (ਹਰਦੀਪ ਸਿੰਘ ਸੋਢੀ): ਤਰਨ ਤਾਰਨ, ਬਟਾਲਾ ਤੇ ਜੰਡਿਆਲਾ ਗੁਰੂ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਕਾਰਨ ਧੂਰੀ ਵਿਚ ‘ਆਪ’ ਵੱਲੋਂ ਸੜਕਾਂ ’ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਖੁੱਲੀ ਤੇ ਸੰਦੀਪ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਸ਼ਰਾਬ ਮਾਫੀਆ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੁਝ ਅਫ਼ਸਰਾਂ ਤੇ ਕਾਰਵਾਈ ਲੋਕਾਂ ਦਾ ਮੂੰਹ ਬੰਦ ਕਰਨ ਲਈ ਕੀਤੀ ਗਈ ਹੈ ਜਦੋਂਕਿ ਜ਼ਹਿਰੀਲੀ ਸ਼ਰਾਬ ਦੇ ਵਪਾਰੀ ਸ਼ਰ੍ਹੇਆਮ ਇਨਸਾਨੀ ਜ਼ਿੰਦਗੀਆਂ ਨਾਲ ਖੇਡਦੇ ਆ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All