‘ਆਪ’ ਦੇ ਰਾਜ ਵਿੱਚ ਵਿਕਾਸ ਕਾਰਜ ਤੇਜ਼ ਹੋਏ: ਅਰੋੜਾ
ਮੰਤਰੀ ਵੱਲੋਂ ਉੱਪਲੀ ’ਚ ਆਂਗਣਵਾੜੀ ਕੇਂਦਰ ਤੇ ਚੱਠੇ ਸੇਖਵਾਂ ’ਚ ਪੰਚਾਇਤ ਘਰ ਦਾ ਉਦਘਾਟਨ
Advertisement
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੇੜਲੇ ਪਿੰਡ ਉੱਪਲੀ ਵਿੱਚ ਆਂਗਣਵਾੜੀ ਸੈਂਟਰ ਅਤੇ ਪਿੰਡ ਚੱਠੇ ਸੇਖਵਾਂ ਵਿੱਚ ਪੰਚਾਇਤ ਘਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦੋਵੇਂ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਦਘਾਟਨ ਉਪਰੰਤ ਵੱਖ ਵੱਖ ਲੋਕ ਮਿਲਣੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ ਪਰ ਜਦੋਂ ਤੋਂ ‘ਆਪ’ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ’ਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਿੰਡਾਂ ਦੇ ਵਾਸੀਆਂ ਦੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਜਿੱਥੇ ਪਿੰਡ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਮੌਕੇ ਜਗੀਰ ਸਿੰਘ ਸਰਪੰਚ ਉੱਪਲੀ, ਕੁਲਦੀਪ ਸਿੰਘ ਲਾਡੀ, ਅਵਤਾਰ ਸਿੰਘ ਤਾਰੀ, ਦਰਸ਼ਨ ਸਿੰਘ ਸਰਪੰਚ ਚੱਠੇ ਸੇਖਵਾਂ, ਮਨਪ੍ਰੀਤ ਸਿੰਘ ਮਨੀ, ਗੁਰਮੀਤ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।
Advertisement
Advertisement