ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸਖਤ ਨਿਖੇਧੀ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰੀ ਜ਼ੋਰ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਜਿੱਤਣਾ ਚਾਹੁੰਦੀ ਹੈ।
ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇਨ੍ਹਾਂ ਚੋਣਾਂ ਵਿੱਚ ਆਪਣੀ ਹਾਰ ਨਜ਼ਰ ਆ ਰਹੀ ਹੈ ਜਿਸ ਕਾਰਨ ਸਰਕਾਰ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ’ਤੇ ਕਾਬਜ਼ ਹੋਣਾ ਚਾਹੁੰਦੇ ਹੈ ਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀ ਕਾਰਗੁਜ਼ਾਰੀ ਦੌਰਾਨ ਸੂਬੇ ਦੇ ਹਰ ਵਰਗ ਦੇ ਲੋਕ ਇਸ ਸਰਕਾਰ ਦੇ ਕੰਮਾਂ ਤੋਂ ਨਾਰਾਜ਼ ਹਨ, ਸੂਬੇ ਵਿੱਚ ਨਸ਼ਿਆਂ ਦਾ ਅਤੇ ਭਰਿਸ਼ਟਾਚਾਰ ਦਾ ਬੋਲਬਾਲਾ ਪਹਿਲਾਂ ਨਾਲੋਂ ਚਾਰ ਗੁਣਾ ਹੋ ਗਿਆ ਹੈ ਅਤੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਕੰਟਰੋਲ ਤੋਂ ਬਾਹਰ ਹੈ ਜਿਸ ਕਾਰਨ ਹਰ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਵਿੱਚ ਸਰਕਾਰ ਦਾ ਸਾਥ ਦੇ ਰਹੀ ਅਫ਼ਸਰਸ਼ਾਹੀ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਸਰਕਾਰਾਂ ਤਾਂ ਬਦਲਦੀਆਂ ਰਹਿੰਦੀਆਂ ਹਨ ਪਰ ਉਨ੍ਹਾਂ ਨੂੰ ਧਿਰ ਨਹੀਂ ਬਣਨਾ ਚਾਹੀਦਾ ਸਗੋਂ ਪ੍ਰਦਰਸ਼ਤਾ ਨਾਲ਼ ਕੰਮ ਕਰਨਾ ਚਾਹੀਦਾ ਹੈ|

