ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਮਾਰਚ
ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਲਹਿਰਾ, ਦਿੜ੍ਹਬਾ, ਸੁਨਾਮ, ਧੂਰੀ ਅਤੇ ਸੰਗਰੂਰ ਵਿੱਚ ਪਈਆਂ ਵੋਟਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਜ਼ਿਲ੍ਹੇ ਦੇ ਸਾਰੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਵਿੱਚ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਦੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਲਹਿਰਾ, ਦਿੜ੍ਹਬਾ, ਸੁਨਾਮ, ਧੂਰੀ ਅਤੇ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 99-ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਿੰਦਰ ਕੁਮਾਰ ਗੋਇਲ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ 26 ਹਜ਼ਾਰ 518 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। 100-ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮਦੀਵਾਰ ਗੁਲਜ਼ਾਰ ਸਿੰਘ ਮੂਣਕ ਨੂੰ 50 ਹਜ਼ਾਰ 655 ਵੋਟਾਂ ਦੇ ਫਰਕ ਨਾਲ ਹਰਾਇਆ। 101-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੂੰ 75 ਹਜ਼ਾਰ 277 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। 107-ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58 ਹਜ਼ਾਰ 206 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਵਿਧਾਨ ਸਭਾ ਹਲਕਾ 108-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੂੰ 36 ਹਜ਼ਾਰ 430 ਵੋਟਾਂ ਦੇ ਫਰਕ ਨਾਲ ਹਰਾਇਆ। ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸ਼ਰਮਾ ਨੇ ਸਮੁੱਚੀ ਗਿਣਤੀ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਰਿਟਰਨਿੰਗ ਅਧਿਕਾਰੀਆਂ, ਚੋਣ ਤੇ ਸੁਰੱਖਿਆ ਅਮਲੇ, ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ।