ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਅਗਸਤ
ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੂੰ ਸ਼ਹਿਰ ਵਿੱਚ ਅਵਾਰਾ ਪਸ਼ੁੂਆਂ ਦੀ ਸਮੱਸਿਆ ਹੱਲ ਕਰਵਾਉਣ ਲਈ ਮਿਲਿਆ। ਸ੍ਰੀ ਅਰੋੜਾ ਨੇ ਏਡੀਸੀ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਦੇ ਬਜ਼ਾਰਾਂ, ਮੇਨ ਸੜਕਾਂ, ਮੁਹੱਲੇ ਅਤੇ ਗਲੀਆਂ ਵਿੱਚ ਵੱਡੀ ਗਿਣਤੀ ’ਚ ਅਵਾਰਾ ਪਸ਼ੂ ਝੁੰਡ ਬਣਾ ਕੇ ਘੁੰਮ ਰਹੇ ਹਨ ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਪਸ਼ੂਆਂ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਇਲਾਵਾ ਟਰੈਫਿਕ ਵਿੱਚ ਵੀ ਵਿਘਨ ਪੈ ਰਿਹਾ ਹੈ। ਇਨ੍ਹਾਂ ਪਸ਼ੂਆਂ ਕਰਕੇ ਸੜਕ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਹੱਲ ਕਰਨ ਲਈ ਵੱਡੇ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਵਫਦ ਅਨੁਸਾਰ ਏਡੀਸੀ ਸ੍ਰੀ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਗਊਸ਼ਾਲਾਵਾਂ ਦੇ ਆਗੂਆਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਵਾਰਾ ਪਸ਼ੂਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ। ਐਸੋਸੀਏਸ਼ਨ ਦੇ ਵਫ਼ਦ ਵੱਲੋਂ ਮੰਗ ਪੱਤਰ ਵੀ ਸੌਂਪਿਆ ਗਿਆ।