ਕਿਸਾਨਾਂ ਵੱਲੋਂ ਡਰੇਨਾਂ ਦੀ ਸਫ਼ਾਈ ਦੇ ਨਾਂ ’ਤੇ ਖਾਨਾਪੂਰਤੀ ਦੇ ਦੋਸ਼
ਰਾਮੇਸ਼ ਭਾਰਦਵਾਜ
ਲਹਿਰਾਗਾਗਾ, 5 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਲਦਿਆਂ ਵੱਖ ਵੱਖ ਵਿਭਾਗਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਰਿਕਾਰਡ ਤੋੜ ਘਪਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਘਪਲਿਆਂ ਵਿਚ ਪਿਛਲੀ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਕਿਸਾਨ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਡਰੇਨ ਵਿਭਾਗ ਵੱਲੋਂ ਡਰੇਨਾਂ ਦੀ ਸਫ਼ਾਈ ਦੇ ਕਰਵਾਏ ਜਾ ਰਹੇ ਕੰਮਾਂ ਵਿੱਚ ਵੱਡਾ ਘਪਲਾ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਪੋਕ ਲੇਨ ਮਸ਼ੀਨਾਂ ਨਾਲ ਡਰੇਨਾਂ ਦੇ ਪਾਸਿਆਂ ਤੋਂ ਚੁੱਕ ਕੇ ਮਿੱਟੀ ਡਰੇਨ ਦੇ ਕੰਢਿਆਂ ਉੱਪਰ ਰੱਖੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮੂਲੀ ਮੀਂਹ ਨਾਲ ਰਿੜ ਕੇ ਮੁੜ ਡਰੇਨਾਂ ਵਿੱਚ ਹੀ ਆ ਜਾਵੇਗੀ। ਉਨ੍ਹਾਂ ਦੱਸਿਆ ਕਿ ਡਰੇਨ ਵਿਭਾਗ ਵੱਲੋਂ ਸਫ਼ਾਈ ਦੇ ਨਾਂ ਉੱਪਰ ਮਹਿਜ਼ ਖ਼ਾਨਾਪੂਰਤੀ ਹੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਦੀ ਹਕੀਕਤ ਜਾਣਨ ਲਈ ਜ਼ਿਲ੍ਹਾ ਸੰਗਰੂਰ ਦੀਆਂ ਡਰੇਨਾਂ ਦੇ ਕੰਮਾਂ ਦੀ ਜਾਂਚ ਬਿਨਾਂ ਕਿਸੇ ਦੇਰੀ ਅਤੇ ਬਾਰਸ਼ਾਂ ਦੀ ਉਡੀਕ ਕੀਤਿਆਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਵਿੱਚ ਹੋ ਰਹੇ ਘਪਲਿਆਂ ਦੀ ਵਿਜੀਲੈਂਸ ਕੋਲੋਂ ਜਾਂਚ ਕਰਵਾਉਣ ਤਾਂ ਜ਼ਮੀਨੀ ਪੱਧਰ ਦੀ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ। ਇਸ ਮੌਕੇ ਬਲਾਕ ਉੱਪ ਪ੍ਰਧਾਨ ਜਸਵਿੰਦਰ ਸਿੰਘ ਸੂਬਾ ਸੰਗਤਪੁਰਾ, ਲਹਿਰਾ ਇਕਾਈ ਦੇ ਪ੍ਰਧਾਨ ਸਰਬਜੀਤ ਸ਼ਰਮਾ, ਸੁਖਦੇਵ ਸ਼ਰਮਾ, ਭੁਪਿੰਦਰ ਸ਼ਰਮਾ ਆਦਿ ਹਾਜ਼ਰ ਸਨ।
ਜਾਂਚ ਕਰਵਾਈ ਜਾਵੇਗੀ: ਐਕਸੀਅਨ
ਡਰੇਨਜ ਵਿਭਾਗ ਦੇ ਐਕਸੀਅਨ ਗੁਰਸ਼ਰਨ ਸਿੰਘ ਨੇ ਕਿਹਾ ਕਿ ਸਰਕਾਰ ਦੀ ਹਦਾਇਤ ’ਤੇ ਡਰੇਨਾਂ ਦੀ ਸਫ਼ਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਕਮੀ ਪਾਈ ਗਈ, ਉਸ ਦੀ ਜਾਂਚ ਕੀਤੀ ਜਾਵੇਗੀ।