ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿੱਚ ਧੋਬੀ ਮਹਾਂਸਭਾ ਵੱਲੋਂ ਕਰਵਾਏ ਵਿਸ਼ੇਸ਼ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਧੋਬੀ ਭਾਈਚਾਰੇ ਵੱਲੋਂ ਵੱਖ-ਵੱਖ ਉਪ ਵਰਗਾਂ ਦੀ ਯੋਗ ਨੁਮਾਇੰਦਗੀ ਸਬੰਧੀ ਉਠਾਈ ਗਈ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਮਾਮਲੇ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ ਭਾਈਚਾਰੇ ਦੇ ਨੁਮਾਇੰਦਿਆਂ ਨੇ ਮੌਜੂਦਾ ਵੈਲਫੇਅਰ ਬੋਰਡ ਦੇ ਨਾਮ ਅਤੇ ਢਾਂਚੇ ਵਿੱਚ ਲੋੜੀਂਦੀ ਸੋਧ ਦੀ ਮੰਗ ਕੀਤੀ ਹੈ, ਤਾਂ ਜੋ ਸਾਰੇ ਉਪ-ਵਰਗਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਵਰਗ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾ ਰਹੀ ਹੈ ਅਤੇ ਵੱਖ-ਵੱਖ ਬੋਰਡਾਂ, ਕਮਿਸ਼ਨਾਂ ਤੇ ਸਲਾਹਕਾਰ ਕਮੇਟੀਆਂ ਰਾਹੀਂ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਇਤਿਹਾਸ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਭੜਕਾਊ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਆਗੂਆਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ। ਇਸ ਮੌਕੇ ਸੰਪੂਰਨ ਪੰਜਾਬ ਧੋਬੀ ਸਮਾਜ ਸੇਵਾ ਸੰਮਤੀ ਦੇ ਅਹੁਦੇਦਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ ਅਤੇ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਸਮੇਤ ਕਈ ਪਤਵੰਤੇ ਹਾਜ਼ਰ ਸਨ।

