ਨਿਜੀ ਪੱਤਰ ਪ੍ਰੇਰਕ
ਸੰਗਰੂਰ, 10 ਜਨਵਰੀ
ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਤੇ ਪ੍ਰਤੀਨਿਧਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਤੇ ਹੁਣ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰ ਹਲਕੇ ਵਿੱਚ ਵੱਖ-ਵੱਖ ਚੌਕਸੀ ਟੀਮਾਂ ਵੱਲੋਂ ਸਖ਼ਤ ਕਾਰਵਾਈ ਨੂੰ ਅਮਲ ’ਚ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਜੇ ਕੋਈ ਵੀ ਅਜਿਹੀ ਚੋਣ ਪ੍ਰਚਾਰ ਸਮੱਗਰੀ ਬਰਾਮਦ ਕੀਤੀ ਜਾਂਦੀ ਹੈ, ਜਿਸ ’ਚ ਪ੍ਰਿੰਟਿੰਗ ਪ੍ਰੈਸ ਦੀ ਤਰਫੋਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੋਵੇ, ਤਾਂ ਉਸ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਤਰਫੋਂ ਹਰੇਕ ਉਮੀਦਵਾਰ ਦੇ ਖਰਚੇ ਦੀ ਹੱਦ 40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ ਤੇ ਉਮੀਦਵਾਰ ਦੇ ਹੱਕ ਵਿੱਚ ਵਰਤੇ ਜਾਣ ਵਾਲੇ ਸਮੂਹ ਪ੍ਰਚਾਰ ਸਾਧਨਾਂ, ਜਿਨ੍ਹਾਂ ਵਿੱਚ ਪ੍ਰਿੰਟ ਮੀਡੀਆ, ਇਲੈਕਟਰੋਨਿਕ ਮੀਡੀਆ, ਸੋਸ਼ਲ ਸਾਈਟਾਂ ਤੇ ਸੋਸ਼ਲ ਮੀਡੀਆ ਦੇ ਸਾਧਨ ਵੀ ਸ਼ਾਮਲ ਹਨ, ਨੂੰ ਇਸ਼ਤਿਹਾਰਬਾਜ਼ੀ ਲਈ ਵਰਤੇ ਜਾਣ ਦੀ ਸੂਰਤ ’ਚ ਜਿਥੇ ਖਰਚੇ ਨੂੰ ਉਮੀਦਵਾਰ ਦੇ ਖ਼ਾਤੇ ਵਿੱਚ ਜੋੜਿਆ ਜਾਵੇਗਾ ਉਥੇ ਹੀ ਪ੍ਰਿੰਟਿੰਗ ਪ੍ਰੈੱਸਾਂ ਰਾਹੀਂ ਪ੍ਰਕਾਸ਼ਿਤ ਹੋਣ ਵਾਲੀ ਸਮੂਹ ਪ੍ਰਚਾਰ ਸਮੱਗਰੀ ਸਬੰਧੀ ਸਹੀ ਵੇਰਵੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਵੱਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਲਿਖ਼ਤੀ ਦੇਣੇ ਲਾਜ਼ਮੀ ਹੋਣਗੇ। ਉਨ੍ਹਾਂ ਦੱਸਿਆ ਕਿ ਜੇ ਕਿਸੇ ਵੀ ਉਮੀਦਵਾਰ ਦੇ ਪ੍ਰਚਾਰ ਵਾਲਾ ਪੋਸਟਰ, ਬੈਨਰ, ਹੋਰਡਿੰਗਜ਼, ਫਲੈਕਸ ਆਦਿ ਅਜਿਹਾ ਪਾਇਆ ਗਿਆ ਜਿਸ ਵਿੱਚ ਪ੍ਰਿੰਟਰ/ਪਬਲਿਸ਼ਰ ਦਾ ਨਾਂ, ਪਤਾ ਤੇ ਪ੍ਰਕਾਸ਼ਿਤ ਸਮੱਗਰੀ ਦੀ ਗਿਣਤੀ ਦਾ ਵੇਰਵਾ ਦਰਜ ਨਹੀਂ ਹੈ, ਤਾਂ ਜਾਂਚ ਉਪਰੰਤ ਦੋਸ਼ੀ ਪਾਏ ਜਾਣ ’ਤੇ ਪ੍ਰਿੰਟਿੰਗ ਪ੍ਰੈੱਸ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਪ੍ਰਿੰਟਿੰਗ ਪ੍ਰੈੱਸ ਦਾ ਲਾਇਸੰਸ ਰੱਦ ਕੀਤਾ ਜਾਵੇਗਾ। ਕਿਸੇ ਵੀ ਪ੍ਰਚਾਰ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਬੰਧਤ ਉਮੀਦਵਾਰ ਜਾਂ ਸਮਰਥਕ ਕੋਲੋਂ ਸਵੈ-ਘੋਸ਼ਣਾ ਪੱਤਰ ਲਾਜ਼ਮੀ ਤੌਰ ’ਤੇ ਲਿਆ ਜਾਵੇ।