ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 18 ਜੂਨ
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਪਰਾਲੀ ਦੀ ਐਕਸ ਸੀਟੂ ਮੈਨੇਜਮੈਂਟ ਰਾਹੀਂ ਸਾਂਭ-ਸੰਭਾਲ ਕਰ ਰਹੇ ਜ਼ਿਲ੍ਹੇ ਦੇ ਵੱਖ-ਵੱਖ ਬੇਲਰ ਮਾਲਕਾਂ ਅਤੇ ਉਨ੍ਹਾਂ ਨਾਲ ਸਬੰਧਤ ਸਨਅਤ ਮਾਲਕਾਂ ਨਾਲ ਮੀਟਿੰਗ ਕੀਤੀ ਗਈ,ਜਿਸ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ੍ਰੀ ਸਿੱਧੂ ਵੱਲੋਂ ਬੇਲਰ ਮਾਲਕਾਂ ਅਤੇ ਇੰਡਸਟਰੀ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ ਇਨ੍ਹਾਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸਬੰਧਤ ਵਿਭਾਗਾਂ ਨੂੰ ਯੋਗ ਹੱਲ ਸਮਾਂਬੱਧ ਤਰੀਕੇ ਨਾਲ ਕਰਨ ਲਈ ਕਿਹਾ ।ਸ੍ਰੀ ਸਿੱਧੂ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਤਹਿਤ ਜ਼ਿਲ੍ਹੇ ਦੇ ਸਮੂਹ ਬੇਲਰ ਮਾਲਕਾਂ ਨੂੰ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਤਕਰੀਬਨ 3 ਲੱਖ 13 ਹਜ਼ਾਰ ਮੀਟਰਕ ਟਨ ਪਰਾਲੀ ਪੈਦਾ ਹੁੰਦੀ ਹੈ, ਜਿਸ ਦੇ ਨਿਪਟਾਰੇ ਲਈ ਬੇਲਰ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਏਡੀਸੀ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜ਼ਿਲ੍ਹੇ ਨੂੰ ਇਸ ਵਾਰ ਜ਼ੀਰੋ ਸਟੱਬਲ ਬਰਨਿੰਗ ਦਾ ਟੀਚਾ ਪ੍ਰਾਪਤ ਹੋਇਆ ਹੈ। ਉਨ੍ਹਾਂ ਸਮੂਹ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜ਼ਿਲ੍ਹੇ ਵਿਚ ਪਿਛਲੇ ਸਾਲਾਂ ਦੌਰਾਨ ਵੱਧ ਅੱਗ ਲੱਗਣ ਵਾਲੀਆਂ ਘਟਨਾਵਾਂ ਵਾਲੇ ਪਿੰਡਾਂ ਨੂੰ ਪਹਿਲ ਦੇਣ ਅਤੇ ਆਪਣੇ ਜ਼ਿਲ੍ਹੇ ਵਿੱਚ ਹੀ ਆਪਣੇ ਬੇਲਰਾਂ ਰਾਹੀਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ । ਉਨ੍ਹਾਂ ਦੱਸਿਆ ਕਿ ਪਰਾਲੀ ਦੀਆਂ ਗਿੱਟੀਆਂ ਦਾ ਯੂਨਿਟ ਸਥਾਪਿਤ ਕਰਨ ਵਾਸਤੇ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ ।