ਏਡੀਸੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਪੈਂਡਿੰਗ ਕੇਸਾਂ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 16 ਮਈ
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸੀਐੱਮਵਿੰਡੋ ਅਤੇ ਪੀਜੀਆਰਐੱਸ (ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ) ਪੋਰਟਲ ਅਤੇ ਵੱਖ-ਵੱਖ ਵਿਭਾਗਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਟੀ ਐਕਟ-2018 ਤਹਿਤ ਮਾਮਲਿਆਂ ਦੇ ਨਿਬੇੜੇ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਈ-ਸੇਵਾ, ਡੋਰ ਸਟੈਪ ਡਲਿਵਰੀ, ਸੀਐੱਮ ਵਿੰਡੋ ਅਤੇ ਪੀਜੀਆਰਐੱਸ ਪੋਰਟਲ ਆਦਿ ਨਾਲ ਸਬੰਧੀ ਲੰਬਿਤ ਪਏ ਕੇਸਾਂ ਦੀ ਜਾਣਕਾਰੀ ਲਈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਨਿਸ਼ਚਿਤ ਸਮੇਂ ਵਿੱਚ ਸੇਵਾਵਾਂ ਨਾ ਦਿੱਤੀਆਂ ਗਈਆਂ ਤਾਂ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਪਬਲਿਕ ਸਰਵਿਸ ਡਿਲਿਵਰੀ ਸਿਸਟਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਹਫ਼ਤੇ ਪੈਂਡਿੰਗ ਕੇਸਾਂ ਦੀ ਪ੍ਰਗਤੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਦਫ਼ਤਰ ਨੂੰ ਭੇਜਣ।