ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਜੂਨ
ਸ਼ਹਿਰ ਵਿੱਚ ਆਵਾਰਾ ਪਸ਼ੂ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਘੁੰਮ ਰਹੇ ਹਨ। 23 ਜੂਨ ਨੂੰ ਦੋ ਮਾਸੂਮ ਬੱਚਿਆਂ ਦਾ ਪਿਤਾ ਗੁਰਪ੍ਰੀਤ ਸਿੰਘ ਜੋਲੀ ਵਾਸੀ ਰਾਜਗੜ੍ਹ ਸਥਾਨਕ ਕਾਲਜ ਰੋਡ ’ਤੇ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਆਪਣੀ ਜਾਨ ਗੁਆ ਬੈਠਾ। ਕਾਲੇ ਰੰਗ ਦੇ ਪਸ਼ੂ ਰਾਤ ਨੂੰ ਸੜਕ ’ਤੇ ਦੂਰੋਂ ਨਜ਼ਰ ਨਹੀਂ ਆਉਂਦੇ ਜਿਸ ਕਾਰਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਜ਼ੋਨ ਮੁਖੀ ਪਰਮਵੇਦ, ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਸਵਰਨਜੀਤ ਸਿੰਘ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਦਾਤਾ ਸਿੰਘ ਨਮੋਲ, ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਵਿਸ਼ਵਕਾਂਤ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਆਗੂ ਜਸਵਿੰਦਰ ਸੋਮਾ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਲੌਂਗੋਵਾਲ, ਦੇਸ਼ ਭਗਤ ਯਾਦਗਾਰ ਲੌਂਗੋਵਾਲ ਦੇ ਗੁਰਮੇਲ ਬਖ਼ਸੀਵਾਲ, ਕਮਲਜੀਤ ਵਿੱਕੀ, ਸੰਵਿਧਾਨ ਬਚਾਓ ਦੇਸ਼ ਬਚਾਓ ਕਮੇਟੀ ਦੇ ਕਾਮਰੇਡ ਗੁਰਚਰਨ ਸੁਨਾਮ ਆਦਿ ਆਗੂਆਂ ਨੇ ਨੌਜਵਾਨ ਦੀ ਮੌਤ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।