ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਸੱਥਾਂ ’ਚ ਪਹੁੰਚਿਆ ਪ੍ਰਸ਼ਾਸਨ
ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ, ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਨ ਬਚਾਉਣ...
ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ, ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਨ ਬਚਾਉਣ ਲਈ ਪ੍ਰੇਰਿਤ ਕਰਨਾ ਅਤੇ ਅੱਗ ਰਹਿਤ ਜ਼ਿਲ੍ਹਾ ਬਣਾਉਣਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਅਤੇ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਵੱਲੋਂ ਪਿੰਡ ਗੁਆਰਾ ਦੀ ਸੱਥ ਵਿੱਚ ਸਿੱਧੀ ਭਾਗੀਦਾਰੀ ਕਰਕੇ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਵੇਰ ਤੇ ਸ਼ਾਮ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸਮਝਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਪੱਧਰ ’ਤੇ ਜਾਗਰੂਕਤਾ ਵੈਨਾਂ ਦੇ ਨਾਲ ਨਾਲ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਹੋਰ ਮੋਹਤਬਰਾਂ ਨੂੰ ਵੀ ਇਸ ਯਤਨ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਛੱਡਣ ਵਾਸਤੇ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਪਰਾਲੀ ਦਾ ਨਿਪਟਾਰਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ 1378 ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਵਿੱਚੋਂ 1292 ਇਨ-ਸੀਟੂ ਅਤੇ 86 ਐਕਸ-ਸੀਟੂ ਹਨ। ਕਿਸਾਨਾਂ ਨੂੰ ਸਮੇਂ ਸਿਰ ਬੇਲਰ ਅਤੇ ਹੋਰ ਮਸ਼ੀਨਰੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਕਾਰੀ ਵਾਤਾਵਰਨ ਦੀ ਸ਼ੁੱਧਤਾ, ਪਾਣੀ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਲਈ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ।
ਉਨ੍ਹਾਂ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।