ਨਗਰ ਕੌਂਸਲ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਤਿਆਰ
ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ’ਚ 138 ਪੋਲਿੰਗ ਬੂਥ ਸਥਾਪਿਤ
ਜ਼ਿਲ੍ਹਾ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਆਮ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਜ਼ਿਲ੍ਹੇ ਦੇ 61 ਵਾਰਡਾਂ ਲਈ 26 ਮਈ 2026 ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਐਲਾਨ ਨਾਲ ਹੀ ਸਬੰਧਤ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ’ਚ 1,27,807 ਵੋਟਰ ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਲਈ 138 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਕਾਗਜ਼ਾਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ, ਜਦਕਿ ਨਤੀਜਿਆਂ ਦਾ ਐਲਾਨ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਕੀਤਾ ਜਾਵੇਗਾ।
ਡੀ ਸੀ ਨੇ ਦੱਸਿਆ ਕਿ ਮਾਲੇਰਕੋਟਲਾ ਲਈ ਐੱਸ ਡੀ ਐੱਮ ਕਨੂ ਗਰਗ, ਅਮਰਗੜ੍ਹ ਲਈ ਐੱਸ ਡੀ ਐੱਮ ਹਰਬੰਸ ਸਿੰਘ ਅਤੇ ਅਹਿਮਦਗੜ੍ਹ ਲਈ ਇੰਜ. ਹਰਮਿੰਦਰ ਸਿੰਘ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸ਼ਾਸਨ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ਵਿਚਲੀਆਂ ਨਗਰ ਕੌਂਸਲ ਦੀਆਂ ਚੋਣਾਂ-2026 ਵਿੱਚ ਸਬੰਧਤ ਰਿਟਰਨਿੰਗ ਅਫਸਰਾਂ/ ਸਹਾਇਕ ਰਿਟਰਨਿੰਗ ਅਫਸਰਾਂ ਵੱਲੋਂ ਨਾਮਜ਼ਦਗੀ ਫਾਰਮ 13 ਮਈ ਤੋਂ 16 ਮਈ ਤੱਕ ਨਿਰਧਾਰਿਤ ਥਾਵਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਪ੍ਰਾਪਤ ਕੀਤੇ ਜਾਣਗੇ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਸੁਨਾਮ ਸਬੰਧੀ ਫਾਰਮ ਪੀ ਡਬਲਿਊ ਡੀ ਰੈਸਟ ਹਾਊਸ ਸੁਨਾਮ, ਭਵਾਨੀਗੜ੍ਹ ਸਬੰਧੀ ਫਾਰਮ ਬੀ ਡੀ ਪੀ ਓ ਦਫਤਰ ਭਵਾਨੀਗੜ੍ਹ, ਧੂਰੀ ਸਬੰਧੀ ਫਾਰਮ ਮਾਰਕੀਟ ਕਮੇਟੀ ਦਫਤਰ ਧੂਰੀ ਅਤੇ ਲੌਂਗੋਵਾਲ ਸਬੰਧੀ ਫਾਰਮ ਸਬ-ਤਹਿਸੀਲ ਕੰਪਲੈਕਸ ਲੌਂਗੋਵਾਲ ਵਿਖੇ ਪ੍ਰਾਪਤ ਕੀਤੇ ਜਾਣਗੇ।

