DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ghaggar River: ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ

ਡਿਪਟੀ ਕਮਿਸ਼ਨਰ ਨੇ ਘੱਗਰ ਦਾ ਜਾਇਜ਼ਾ ਲਿਆ; ਬੰਨ੍ਹ ਦੋ-ਦੋ ਫੁੱਟ ੳੁੱਚੇ ਕਰਵਾਏ

  • fb
  • twitter
  • whatsapp
  • whatsapp
featured-img featured-img
ਘੱਗਰ ਦੇ ਬੰਨ੍ਹ ਦਾ ਜਾਇਜ਼ਾ ਲੈਂਦੀ ਹੋਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ।
Advertisement

ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਘੱਗਰ ਦਰਿਆ ਵਿੱਚ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਜੰਗੀ ਪੱਧਰ ’ਤੇ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਵੱਖ-ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੂਨਕ ਦੇ ਨਜ਼ਦੀਕੀ ਪਿੰਡ ਮਕਰੌੜ ਸਾਹਿਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਘੱਗਰ ਦਰਿਆ ਦੇ ਸਾਰੇ ਬੰਨ੍ਹਾਂ ਦਾ ਮੁਕੰਮਲ ਦੌਰਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਫ਼ਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ, ਇਸ ਲਈ ਕਿਸੇ ਨੂੰ ਵੀ ਫ਼ਿਕਰ ਕਰਨ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਮਿੱਟੀ ਦੇ ਥੈਲਿਆਂ, ਜਾਲਾਂ ਅਤੇ ਹੋਰ ਲੋੜੀਂਦੇ ਸਮਾਨ ਦੀ ਪੂਰੀ ਤਿਆਰੀ ਰੱਖੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਮਿੱਟੀ ਪਾ ਕੇ ਬੰਨ੍ਹਾਂ ਨੂੰ ਪਹਿਲਾਂ ਨਾਲੋਂ ਲਗਪਗ ਦੋ-ਦੋ ਫੁੱਟ ਹੋਰ ਉੱਚਾ ਕਰ ਦਿੱਤਾ ਗਿਆ ਹੈ ਤਾਂ ਜੋ ਜੇ ਪਾਣੀ ਦਾ ਪੱਧਰ ਵਧਦਾ ਵੀ ਹੈ, ਤਾਂ ਆਸ-ਪਾਸ ਦੇ ਇਲਾਕੇ ਅਤੇ ਪਿੰਡ ਪੂਰੀ ਤਰ੍ਹਾਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਘੱਗਰ ਦੇ ਜਿਹੜੇ-ਜਿਹੜੇ ਪੁਆਇੰਟ ਕਮਜ਼ੋਰ ਸਨ ਜਾਂ ਜਿੱਥੋਂ ਪਹਿਲਾਂ ਵਾਰ-ਵਾਰ ਬੰਨ੍ਹ ਟੁੱਟਣ ਦੀ ਸੰਭਾਵਨਾ ਬਣੀ ਰਹਿੰਦੀ ਸੀ, ਉਨ੍ਹਾਂ ਸੰਵੇਦਨਸ਼ੀਲ ਹਿੱਸਿਆਂ ’ਤੇ ਵਿਸ਼ੇਸ਼ ਤੌਰ ’ਤੇ ਕੰਮ ਕਰ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਗਿਆ ਹੈ। ਦੌਰਾ ਕਰਨ ਆਏ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਕਿਲੋਮੀਟਰ ਦੇ ਦਾਇਰੇ ਵਿੱਚ ਘੱਗਰ ਦੇ ਬੰਨ੍ਹ ਪੈਂਦੇ ਹਨ, ਉਸ ਪੂਰੇ ਹਿੱਸੇ (ਸਟ੍ਰੈਚ) ਦਾ ਮੁਕੰਮਲ ਦੌਰਾ ਕੀਤਾ ਗਿਆ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਮੁਸ਼ਕਿਲ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਕੇ ਉਸ ਦਾ ਢੁਕਵਾਂ ਹੱਲ ਕੀਤਾ ਜਾ ਸਕੇ। ਇਸ ਦੌਰਾਨ ਸਥਾਨਕ ਕਿਸਾਨਾਂ ਵੱਲੋਂ ਘੱਗਰ ਸਬੰਧੀ ਕੁਝ ਅਹਿਮ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਡੀ ਸੀ ਵੱਲੋਂ ਭਰੋਸਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।

Advertisement
Advertisement
×