ਨਿਜੀ ਪੱਤਰ ਪ੍ਰੇਰਕ
ਸੰਗਰੂਰ, 2 ਫਰਵਰੀ
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਦੇ ਇੱਕ ਮੁਲਾਜ਼ਮ ਵੱਲੋਂ ਕਥਿਤ ਤੌਰ ’ਤੇ ਅਧਿਆਪਕ ਜਥੇਬੰਦੀ ਦੇ ਆਗੂਆਂ ਨਾਲ ਦੁਰਵਿਹਾਰ ਕਰਨ ਤੋਂ ਰੋਹ ਵਿੱਚ ਆਈਆਂ ਅਧਿਆਪਕ ਜਥੇਬੰਦੀਆਂ ਵੱਲੋਂ ਦੋ ਦਿਨਾਂ ਤੋਂ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਮੰਗ ਕੀਤੀ ਜਾ ਰਹੀ ਸੀ ਕਿ ਮੁਲਾਜ਼ਮ ਆਪਣੀ ਗ਼ਲਤੀ ਦਾ ਅਹਿਸਾਸ ਕਰੇ। ਇਸ ਦੌਰਾਨ ਅੱਜ ਏਡੀਸੀ ਦਫ਼ਤਰ ਦੇ ਨੁਮਾਇੰਦੇ ਵਜੋਂ ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ ਨੇ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਮਗਰੋਂ ਅਧਿਆਪਕਾਂ ਨੇ ਧਰਨਾ ਸਮਾਪਤ ਕੀਤਾ ਅਤੇ ਇਸ ਨੂੰ ਸੰਘਰਸ਼ ਦੀ ਜਿੱਤ ਕਰਾਰ ਦਿੱਤਾ।