ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਅਗਸਤ
ਚਾਰ ਦਿਨਾਂ ਦੀ ਸਮੂਹਿਕ ਛੁੱਟੀ ਮਗਰੋਂ ਜ਼ਿਲ੍ਹਾ ਭਰ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਇੱਥੇ ਡੀਸੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਅਤੇ ਮੰਗਾਂ ਦਾ ਨਬਿੇੜਾ ਨਾ ਕਰਨ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ। ਧਰਨੇ ਵਿੱਚ ਨੰਬਰਦਾਰਾਂ, ਚੌਕੀਦਾਰਾਂ ਅਤੇ ਸੇਵਾ ਮੁਕਤ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਸ਼ਮੂਲੀਅਤ ਕਰ ਕੇ ਸੰਘਰਸ਼ ਦੀ ਹਮਾਇਤ ਕੀਤੀ। ਪਿਛਲੇ ਕਰੀਬ ਪੌਣੇ ਦੋ ਮਹੀਨਿਆਂ ਤੋਂ ਵਾਧੂ ਸਰਕਲਾਂ ਦਾ ਬੰਦ ਕਰਕੇ ਪਟਵਾਰੀ ਸੰਘਰਸ਼ ਦੇ ਰਾਹ ’ਤੇ ਹਨ।
ਧਰਨੇ ਨੂੰ ਸੰਬੋਧਨ ਕਰਦਿਆਂ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ 4716 ਅਸਾਮੀਆਂ ਹੋਣ ਦੇ ਬਾਵਜੂਦ ਸਿਰਫ਼ 1880 ਪਟਵਾਰੀਆਂ ਰਾਹੀਂ ਸਰਕਾਰ ਕੰਮ ਚਲਾ ਰਹੀ ਹੈ ਅਤੇ ਬਗੈਰ ਕੋਈ ਮਿਹਨਤਾਨਾ ਦਿੱਤੇ ਪਟਵਾਰੀਆਂ ਨੂੰ ਵਾਧੂ ਸਰਕਲਾਂ ਦਾ ਕੰਮ ਦੇ ਕੇ ਮਾਨਸਿਕ ਬੋਝ ਪਾਇਆ ਜਾ ਰਿਹਾ ਹੈ। ਜਨਰਲ ਸਕੱਤਰ ਬਲਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਕਰੀਬ ਅੱਠ ਹਜ਼ਾਰ ਪਿੰਡਾਂ ਵਿੱਚ ਕੋਈ ਪਟਵਾਰੀ ਨਹੀਂ ਹੈ ਅਤੇ ਇਨ੍ਹਾਂ ਪਿੰਡਾਂ ਦਾ ਕੰਮ ਮੌਜੂਦਾ ਪਟਵਾਰੀਆਂ ਤੋਂ ਲਿਆ ਜਾ ਰਿਹਾ ਹੈ। ਸੂਬਾਈ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਤੇ ਤਹਿਸੀਲ ਪ੍ਰਧਾਨ ਸੰਦੀਪ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਜ਼ਿਲ੍ਹੇ ਦੇ ਸਮੁੱਚੇ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਲੜੀਵਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਅੱਜ ਮਿਨੀ ਸਕੱਤਰੇਤ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅੱਜ ਦੇ ਧਰਨੇ ’ਚ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਸਮਰਥਨ ਦੇਣ ਲਈ ਕਿਸਾਨ ਯੂਨੀਅਨ, ਚੌਕੀਦਾਰ ਯੂਨੀਅਨ ਤੇ ਨਹਿਰੀ ਪਟਵਾਰ ਯੂਨੀਅਨ ਆਦਿ ਨੇ ਹਾਜ਼ਰੀ ਲਵਾਈ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਖੈਰੀਪੁਰੀ ਨੇ ਆਖਿਆ ਕਿ ਸਰਕਾਰ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ ਜਿਸ ਕਰਕੇ ਜਥੇਬੰਦੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ।
ਸੂਬਾਈ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਨੇ ਆਖਿਆ ਕਿ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਤਕਰੀਬਨ 2 ਮਹੀਨੇ ਤੋਂ ਲੜੀਵਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ। ਜ਼ਿਲ੍ਹਾ ਜਨਰਲ ਸਕੱਤਰ ਅਕਾਸ਼ਦੀਪ ਸਿੰਘ ਨੇ ਆਖਿਆ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 31 ਅਗਸਤ ਤੋਂ ਫਰਦ ਕੇਂਦਰਾਂ ਦੇ ਡਾਟਾ ਐਂਟਰੀਆਂ ਦਾ ਕੰਮ ਬੰਦ ਕਰਕੇ ਮੈਨੂਅਲ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਤਹਿਸੀਲ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬਲਬੇੜਾ ਅਤੇ ਜਤਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਆਖਿਆ ਕਿ ਆਉਣ ਵਾਲੇ ਦਿਨਾਂ ’ਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਸਰਕਾਰ ’ਤੇ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼
ਮਾਲੇਕੋਟਲਾ (ਹੁਸ਼ਿਆਰ ਸਿੰਘ ਰਾਣੂੰ): ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਨੇ ਕਿਹਾ ਕਿ ਪਟਵਾਰ ਯੂਨੀਅਨ ਲੰਬੇ ਸਮੇਂ ਤੋਂ ਆਪਣੀਆ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਪਟਵਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਧਰਨੇ ਨੂੰ ਅਜੇ ਕੁਮਾਰ, ਰੁਪਿੰਦਰ ਸਿੰਘ ਗਰੇਵਾਲ, ਕਰਨ ਜਸਪਾਲ ਸਿੰਘ ਵਿਰਕ, ਸੀਪੀਐਫ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਵੀਰ ਸਿੰਘ ਢੰਡੇ, ਮਨੱਬਰ ਜਹਾਂ, ਨੰਬਰਦਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਰਾਜ ਸਿੰਘ ਦੁਲਮਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਬਲਾਕ ਮੀਤ ਪ੍ਰਧਾਨ ਨਿਰਮਲ ਸਿੰਘ ਅਲੀਪੁਰ ਨੇ ਵੀ ਸੰਬੋਧਨ ਕੀਤਾ।