ਕਰਮਵੀਰ ਸਿੰਘ ਸੈਣੀ
ਮੂਨਕ, 12 ਫਰਵਰੀ
ਵਿਧਾਨ ਸਭਾ ਹਲਕਾ ਲਹਿਰਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਹਲਕੇ ਅਧੀਨ ਆਉਂਦੇ ਪਿੰਡ ਹਮੀਰਗੜ੍ਹ, ਭੂਟਾਲ ਖੁਰਦ, ਢੀਂਡਸਾ, ਭੂਟਾਲ ਕਲਾਂ, ਕਾਲਬੰਜਾਰਾ ਅਤੇ ਖੰਡੇਬਾਦ ਵਿੱਚ ਚੋਣ ਜਲਸੇ ਕੀਤੇ। ਢੀਂਡਸਾ ਨੇ ਸੰਬੋਧਨ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਹਲਕੇ ਦੇ ਬਿਹਤਰ ਭਵਿੱਖ ਲਈ ਵੱਧ ਤੋਂ ਵੱਧ ਹਮਾਇਤ ਜੁਟਾ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਗਠਜੋੜ ਨੂੰ ਮਜ਼ਬੂਤ ਕਰਨ ਦਾ ਸਮਾਂ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਧੋਖੇ ਤੇ ਝੂਠ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਭਰਮ ਫੈਲਾਉਣ ਦੀਆਂ ਵਿਉਂਤਾਂ ਘੜ ਰਹੀਆਂ ਹਨ ਪਰ ਹਕੀਕਤ ਤੋਂ ਜਾਣੂ ਲੋਕ ਇੱਕਜੁਟ ਹੋ ਕੇ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਦਾ ਮੂੰਹ-ਤੋੜ ਜਵਾਬ ਦੇ ਰਹੇ ਹਨ। ਢੀਂਡਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਚੋਣ ਸਮਝੌਤਾ ਸੂਬੇ ਦੇ ਲੋਕਾਂ ਦੀ ਭਲਾਈ ਵਾਸਤੇ ਕੀਤਾ ਗਿਆ। ਇਸ ਦੌਰਾਨ ਪਿੰਡ ਢੀਂਡਸਾ ਵਿੱਚ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਭਾਜਪਾ ਆਗੂ ਸੁਭਾਸ਼ ਬਰਾਲਾ ਵੱਲੋਂ ਢੀਂਡਸਾ ਦੇ ਹੱਕ ਵਿੱਚ ਚੋਣ ਪ੍ਰਚਾਰ
ਮੂਨਕ (ਪੱਤਰ ਪ੍ਰੇਰਕ): ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਦੇ ਸਾਬਕਾ ਮੰਤਰੀ ਸੁਭਾਸ਼ ਬਰਾਲਾ ਪਹੁੰਚੇ। ਬਰਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੰਜ ਸਾਲ ਤੋਂ ਕਾਂਗਰਸ ਸਰਕਾਰ ਲੁੱਟਦੀ ਤੇ ਕੁੱਟਦੀ ਆਈ ਹੈ। ਹੁਣ ਪੰਜਾਬ ਦੇ ਲੋਕਾਂ ਕੋਲ ਮੌਕਾ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਨਅਤਾਂ ਸਣੇ ਹੋਰ ਸਹੂਲਤਾਂ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਸਕਣ।