ਪੱਤਰ ਪ੍ਰੇਰਕ
ਦੇਵੀਗੜ੍ਹ, 30 ਜੂਨ
ਹਲਕਾ ਸਨੌਰ ਦੇ ਪਿੰਡ ਪੰਜੋਲਾ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੇ ਟ੍ਰੇਨਿੰਗ ਸੈਂਟਰ ਹਿਸਾਰ ਦੇ ਖੇਤੀ ਮਾਹਰਾਂ ਦੀ ਮਦਦ ਨਾਲ ਕਿਸਾਨ ਸਿਖਲਾਈ ਕੈਂਪ ਅਤੇ ਖੇਤੀਬਾੜੀ ਵਿਭਿੰਨਤਾ ਸਬੰਧੀ ਕੈਂਪ ਲਗਾਇਆ ਗਿਆ। ਇਸ ਮੌਕੇ ਹਿਸਾਰ ਤੋਂ ਆਏ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਖੇਤੀਬਾੜੀ ਨਾਲ ਸਬੰਧਤ ਵਰਤੀ ਜਾਣ ਵਾਲੀ ਮਸ਼ੀਨਰੀ ਸਬੰਧੀ ਅਹਿਮ ਪਹਿਲੂਆਂ ਤੋਂ ਜਾਣੂ ਕਰਾਉਣ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਹੋ ਰਹੀ ਬੇਲੋੜੀ ਖਪਤ ਅਤੇ ਖੇਤੀ ਤੇ ਹੋਣ ਵਾਲੇ ਫਜੂਲ ਖਰਚਿਆਂ ਨੂੰ ਘਟਾ ਕੇ ਆਮਦਨੀ ਵਸੀਲਿਆਂ ’ਚ ਵਾਧਾ ਕਰਨ ਦੇ ਨਾਲ ਨਾਲ ਰਸਾਇਣਕ ਖਾਦਾਂ ਦੀ ਸਹੀ ਵਰਤੋਂ ਤੋਂ ਇਲਾਵਾ ਝੋਨੇ ਦੀ ਫਸਲ ਤੇ ਹੋਣ ਵਾਲੇ ਕੀਟਨਾਸ਼ਕ ਹਮਲਿਆਂ ਦੇ ਕਾਰਨ ਫਸਲਾਂ ਨੂੰ ਪੈਣ ਵਾਲੀਆਂ ਬਿਮਾਰੀਆਂ ਦੀ ਭਰਮਾਰ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।
ਝੋਨੇ ਦੀ ਸਿੱਧੀ ਬਿਜਾਈ ਬਾਰੇ ਸਿਖਲਾਈ ਦਿੱਤੀ
ਲਹਿਰਾਗਾਗਾ (ਪੱਤਰ ਪ੍ਰੇਰਕ): ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਫ਼ਸਲ ਵਿਗਿਆਨ ਵਿਭਾਗ, ਪੀ ਯੂ ਲੁਧਿਆਣਾ ਵੱਲੋਂ ਨਾਬਾਰਡ ਬੈਂਕ ਦੇ ਵਿੱਤੀ ਸਹਿਯੋਗ ਨਾਲ ਹਲਕਾ ਲਹਿਰਾਗਾਗਾ ਦੇ ਪਿੰਡਾ ਭੁੱਲਣ ਸਣੇ ਹੋਰ ਪਿੰਡਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਤਾਰਪੂਰਵਕ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ 110 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਕਿਹਾ ਕਿ ਮੌਜੂਦਾ ਸਮੇਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਥੱਲੇ ਜਾ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਪਾਣੀ ਦੀ ਸੰਭਾਲ ਕਰਨ ਵਾਲੀਆਂ ਤਕਨੀਕਾਂ ਨੂੰ ਅਪਣਾਉਣ ਦੀ ਸਖ਼ਤ ਲੋੜ ਹੈ, ਜਿਨ੍ਹਾਂ ਵਿੱਚੋਂ ਝੋਨੇ ਦੀ ਸਿੱਧੀ ਬਿਜਾਈ ਇੱਕ ਅਹਿਮ ਤਕਨੀਕ ਹੈ।
ਖੇਤੀ ਮਸ਼ੀਨਰੀ ਬਾਰੇ ਜਾਗਰੂਕਤਾ ਕੈਂਪ
ਪਟਿਆਲਾ(ਖੇਤਰੀ ਪ੍ਰਤੀਨਿਧ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਪਾਣੀ ਬਚਾਓ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ ਦੇ ਦਿਸ਼ਾ-ਨਿਰਦੇਸ਼ ’ਤੇ ਖੇਤੀਬਾੜੀ ਅਫ਼ਸਰ ਬਲਾਕ ਭੁਨਰਹੇੜੀ ਸ਼ੇਰ ਸਿੰਘ ਦੇ ਅਗਵਾਈ ’ਚ ਪਿੰਡ ਬੋਸਰਕਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਇੰਜੀਨੀਅਰ ਕੁਲਦੀਪ ਸਿੰਘ ਅਤੇ ਟੀ.ਟੀ.ਸੀ ਇੰਸਟੀਚਿਊਟ, ਹਿਸਾਰ ਤੋਂ ਆਈ ਟੀਮ ਨਰੇਸ਼ ਦੱਤ ਸ਼ਰਮਾ ਟੈਕਨੀਕਲ ਅਸਿਸਟੈਂਟ, ਕ੍ਰਿਸ਼ਨ ਕੁਮਾਰ ਟੈਕਨੀਸ਼ੀਅਨ ਅਤੇ ਖਜਾਨ ਸਿੰਘ ਵੱਲੋਂ ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।