ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਮਈ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਵਿਚ ਗਰਮੀ ਦੀ ਤਪਸ ਵਧਣ ਦੇ ਬਾਵਜੂਦ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਆਮਦ ਜ਼ੋਰਾਂ ’ਤੇ ਹੈ ਅਤੇ ਧਰਨਿਆਂ ’ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਉਸੇ ਤਰ੍ਹਾਂ ਗੂੰਜ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰੀ ਸੱਤਾ ’ਤੇ ਕਾਬਜ਼ ਭਾਜਪਾ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਗਰਦਾਨਦਿਆਂ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਕਦੇ ਦੇਸ਼ ਦੇ ਲੋਕਾਂ ਨੂੰ ਐਨੇ ਮਾੜੇ ਦਿਨ ਨਸੀਬ ਨਹੀਂ ਹੋਏ। 31 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਲੱਗੇ ਪੱਕੇ ਰੋਸ ਧਰਨੇ ਦੌਰਾਨ ਕਿਸਾਨ ਆਗੂ ਨਰੰਜਣ ਸਿੰਘ ਦੋਹਲਾ, ਨਿਰਮਲ ਸਿੰਘ ਬਟੜਿਆਣਾ, ਰੋਹੀ ਸਿੰਘ ਮੰਗਵਾਲ ਤੇ ਸੁਖਦੇਵ ਸਿੰਘ ਉਭਾਵਾਲ ਆਦਿ ਨੇ ਸੰਬੋਧਨ ਕੀਤਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਕਾਲੇ ਕਾਨੂੰਨਾਂ ਦੇ ਖਾਤਮੇ ਲਈ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਾਲਾਝਾੜ ਟੌਲ ਪਲਾਜ਼ਾ ਤੇ ਰਿਲਾਇੰਸ ਪੈਟਰੋਲ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ 240ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਤਿੰਨੋਂ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐੱਮਐੱਸਪੀ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਦੇ ਨਾਲ ਕਰੋਨਾ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਦੀ ਮੰਗ ਵੀ ਉਠਾਈ ਗਈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਅੱਜ ਨਵੇਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰਿਲਾਇੰਸ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲੱਗਿਆ ਲਗਾਤਾਰ ਪੱਕਾ ਮੋਰਚਾ 239ਵੇਂ ਦਿਨ ਵਿਚ ਦਾਖਲ ਹੋ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਟਿਆਲਾ ਵਿੱਚ ਲਗਾਏ ਮੋਰਚੇ ਨੂੰ ਲੋਕਾਂ ਵੱਲੋਂ ਹਰ ਪੱਖ ਤੋਂ ਹਮਾਇਤ ਮਿਲ ਰਹੀ ਹੈ। ਬਲਾਕ ’ਚੋਂ ਤਿੰਨੋਂ ਦਿਨ ਬੱਸਾਂ ਰਾਹੀਂ ਵੱਡੀ ਗਿਣਤੀ ਕਾਰਕੁਨ ਪਟਿਆਲਾ ਮੋਰਚੇ ਲਈ ਚਾਲੇ ਪਾਉਣਗੇ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਹੋਰ ਮੰਗਾਂ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲਗਾਇਆ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 239ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਕੋਲ ਲਾਇਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਅੱਜ ਟੌਲ ਪਲਾਜ਼ਾ ਉਤੇ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਡਟੇ ਰਹਿਣ ਦਾ ਅਹਿਦ ਲਿਆ।
ਪਟਿਆਲਾ ਮੋਰਚੇ ਲਈ ਪਿੰਡਾਂ ’ਚੋਂ ਕਾਫਲਾ ਰਵਾਨਾ
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਰੋਨਾ ਦੀ ਰੋਕਥਾਮ ਲਈ ਸਹੀ ਪ੍ਰਬੰਧ ਕਰਵਾਉਣ ਵਾਸਤੇ ਪਟਿਆਲਾ ਵਿੱਚ ਦਿੱਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਅੱਜ ਦਿੜ੍ਹਬਾ ਇਲਾਕੇ ਦੇ ਪਿੰਡ ਛਾਹੜ ਅਤੇ ਪਿੰਡ ਜਨਾਲ ਤੇ ਹੋਰ ਪਿੰਡਾਂ ਵਿੱਚੋਂ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਦਰਸ਼ਨ ਸਿੰਘ ਸ਼ਾਦੀਹਰੀ ਅਤੇ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਦੇਸ਼ ਦੇ ਕਿਸਾਨ ਤੇ ਕਿਰਤੀ ਲੋਕਾਂ ਦੇ ਬਚਾਅ ਲਈ ਪੰਜਾਬ ਸਰਕਾਰ ਕੋਲ ਬਿਮਾਰੀ ਦੇ ਸਹੀ ਇਲਾਜ ਅਤੇ ਹਸਪਤਾਲਾਂ ਦਾ ਕੋਈ ਪ੍ਰਬੰਧ ਨਹੀਂ ਹੈ ਜਦ ਕਿ ਦੂਜੇ ਪਾਸੇ ਲੋਕਾਂ ਨੂੰ ਜਾਗਰੂਕ ਕਰਨ ਦੀ ਥਾਂ ਉਨ੍ਹਾਂ ’ਤੇ ਜਬਰੀ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਅਜਿਹੇ ਲੋਕਾਂ ’ਤੇ ਪਰਚੇ ਦਰਜ ਕੀਤੇ ਜਾਣ ਦਾ ਬੀਕੇਯੂ ਸਖ਼ਤ ਵਿਰੋਧ ਕਰੇਗੀ।