ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਜੁਲਾਈ
ਇਥੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਪੱਕਾ ਮੋਰਚਾ 275ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਸ਼ਾਮਲ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਮਾਵਾਂ ਭੈਣਾਂ ਅਤੇ ਨੌਜਵਾਨਾਂ ਨੇ ਇਕੱਠੇ ਹੋ ਕੇ ਮੋਦੀ ਹਕੂਮਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੁਲਦੂ ਸਿੰਘ ਨੇ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਗੀਤਾਂ ਰਾਹੀਂ ਉਜਾਗਰ ਕੀਤਾ। ਇਸ ਮੌਕੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਕੇਂਦਰ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਖ਼ਿਲਾਫ਼ ਲੋਕਾਂ ਅੰਦਰ ਵੱਧ ਰਹੇ ਰੋਹ ਅਤੇ ਲੋਕ ਦੋਖੀ ਕਾਰਵਾਈਆਂ ਤੋਂ ਤੰਗ ਆਏ ਲੋਕਾਂ ਵੱਲੋਂ ਪਿੰਡਾਂ ਵਿਚ ਜਾ ਰਹੇ ਸਿਆਸੀ ਆਗੂਆਂ ਨੂੰ ਸਵਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਅਦਿਆਂ ਤੋਂ ਮੁਕਰੀ ਕਾਂਗਰਸ ਨੂੰ ਚਾਰ ਸਾਲ ਤੋਂ ਉੱਪਰ ਦਾ ਸਮਾਂ ਰਾਜਸੀ ਕੁਰਸੀ ਉੱਤੇ ਬੈਠਿਆਂ ਹੋ ਚੁੱਕਾ ਹੈ ਪਰ ਪੰਜਾਬ ਦਾ ਹਰ ਕਿਰਤੀ ਹਰ ਵਰਗ ਇਸ ਤੋਂ ਦੁਖੀ ਹੈ। ਜਿਸ ਦਾ ਨਤੀਜਾ ਆਉਣ ਵਾਲੇ ਸਮੇਂ ਵਿੱਚ ਹੁਕਮਰਾਨਾਂ ਨੂੰ ਹਰ ਹੀਲੇ ਭੁਗਤਣਾ ਪਵੇਗਾ। ਇਸੇ ਦੌਰਾਨ ਪਿੰਡ ਲਦਾਲ ਵਿਚ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ , ਸੂਬਾ ਸਿੰਘ ਸੰਗਤਪੁਰਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਦੀ ਅਗਵਾਈ ਹੇਠ ਪਿੰਡ ਦੀਆਂ ਕਿਸਾਨ ਔਰਤਾਂ ਦੀ ਇਕਾਈ ਬਣਾਈ ਗਈ। ਜਿਸ ਵਿੱਚ ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ। ਪਿੰਡ ਦੀ ਸਹਿਮਤੀ ਨਾਲ ਇਕਾਈ ਪ੍ਰਧਾਨ ਸੁਰਜੀਤ ਕੌਰ, ਮੀਤ ਪ੍ਰਧਾਨ ਗੁਰਿੰਦਰ ਕੌਰ, ਜਰਨਲ ਸਕੱਤਰ ਗੁਰਸ਼ਰਨ ਕੌਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ।