ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 30 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਚੱਲ ਰਿਹਾ ਕਿਸਾਨੀ ਧਰਨਾ ਅੱਜ ਸੱਤਵੇਂ ਮਹੀਨੇ ਵਿਚ ਪਹੁੰਚ ਗਿਆ ਹੈ। ਧਰਨੇ ਵਿਚ ਕਿਸਾਨਾਂ ਦੀ ਹਾਜ਼ਰੀ ਰੋਜ਼ਾਨਾ ਹੀ ਭਰਵੀਂ ਹੁੰਦੀ ਹੈ। ਧਰਨੇ ਦੀ ਖਾਸੀਅਤ ਇਹ ਹੈ ਕਿ ਧਰਨੇ ਨੇ ਕਈ ਬੀਬੀਆਂ ਨੂੰ ਵਧੀਆ ਬੁਲਾਰਾ ਬਣਾ ਦਿੱਤਾ ਹੈ। ਇਸ ਮੰਚ ਨੇ ਬੱਚਿਆਂ ਵਿੱਚ ਵੀ ਬੋਲਣ ਦਾ ਕਲਾ ਨੂੰ ਉਭਾਰਿਆ ਹੈ।
ਗੋਬਿੰਦ ਸਿੰਘ ਚੱਠਾ ਦੀ ਅਗਵਾਈ ਵਿਚ ਚੱਲ ਰਹੇ ਧਰਨੇ ਵਿੱਚ ਪਰਮਜੀਤ ਕੌਰ ਜਵੰਧੇ, ਜਸਵੀਰ ਕੌਰ ਉਗਰਾਹਾਂ, ਮਹਿੰਦਰ ਸਿੰਘ ਨਮੋਲ, ਭਗਵਾਨ ਸਿੰਘ ਕੌੜੇ, ਮਿੱਠੂ ਸਿੰਘ ਜਖੇਪਲ, ਪਿਆਰਾ ਸਿੰਘ ਖਡਿਆਲ, ਜੀਤ ਸਿੰਘ ਸੁਨਾਮ ਅਤੇ ਬਲਾਕ ਆਗੂ ਰਾਮ ਸ਼ਰਨ ਸਿੰਘ ਉਗਰਾਹਾਂ ਨੇ ਕਿਹਾ ਕਿ ਕਾਨੂੰਨ ਰੱਦ ਹੋਣ ਤਕ ਕਿਸਾਨ ਡਟੇ ਰਹਿਣਗੇ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ, ਉਥੇ ਹੀ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 3 ਤੋਂ 9 ਮਈ ਤੱਕ ਪਿੰਡਾਂ ਵਿਚ ਝੰਡਾ ਮਾਰਚ ਕਰ ਕੇ ਲੋਕਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਕੀਤਾ।
ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਲਗਾਤਾਰ ਜਾਰੀ ਹਨ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿਚ ਐਮਰਜੈਂਸੀ ਵਰਗੇ ਹਾਲਾਤ ਹਨ ਜਿਸ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਆਪਣੇ ਪੈਰਾਂ ਹੇਠੋ ਜ਼ਮੀਨ ਖਿਸਕਣ ਕਾਰਨ ਸਿਆਸੀ ਪਾਰਟੀਆਂ ਕਿਸਾਨ ਜਥੇਬੰਦੀਆਂ ਵਿਚ ਘੁਸਪੈਠ ਕਰ ਕੇ ਸੰਘਰਸ਼ ਨੂੰ ਢਾਹ ਲਾਉਣ ਦੀ ਤਾਕ ਵਿਚ ਹਨ ਜਿਨ੍ਹਾਂ ਤੋਂ ਸੁਚੇਤ ਰਹਿਣਾ ਵੱਡੀ ਲੋੜ ਹੈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਲਹਿਲ ਖੁਰਦ ਦੀਆਂ ਕੈਂਚੀਆਂ ਨੇੜੇ ਰਿਲਾਇੰਸ ਪੈਟਰੋਲ ਪੰਪ ’ਤੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 210ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਧਰਨੇ ਨੂੰ ਕਿਸਾਨ ਆਗੂ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਸ਼ਿਵਰਾਜ ਸਿੰਘ ਗੁਰਨੇ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਭੋਲਾ ਸਿੰਘ ਭੁਟਾਲ, ਹਰਜਿੰਦਰ ਸਿੰਘ ਨੰਗਲਾ, ਰਾਮਚੰਦ ਸਿੰਘ ਚੋਟੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਜਸ਼ਨਦੀਪ ਕੋਰ ਪਿਸ਼ੌਰ, ਕਰਮਜੀਤ ਕੌਰ ਭੁਟਾਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਕਿਰਤੀ ਲੋਕਾਂ ਨੂੰ ਵੋਟਾਂ ਦੇ ਜਾਲ ਵਿਚ ਫਸਾਉਣ ਲਈ ਤਰਲੋਮੱਛੀ ਹੋ ਰਹੀਆਂ ਹਨ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਆਮ ਆਦਮੀ ਪਾਰਟੀ ਦੇ ਟ੍ਰਾਂਸਪੋਰਟ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਕਿਸਾਨ ਕੇਂਦਰ ਖ਼ਿਲਾਫ਼ ਅੰਦੋਲਨ ਚਲਾ ਰਹੇ ਹਨ ਪਰ ਸਰਕਾਰ ਕਿਸਾਨਾਂ ਦਾ ਕੋਈ ਹੱਲ ਨਹੀਂ ਕਰ ਰਹੀ।
ਕਿਸਾਨਾਂ ਦਾ ਜਥਾ ਬੱਸ ਰਾਹੀਂ ਦਿੱਲੀ ਲਈ ਰਵਾਨਾ
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਜਥਾ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਜਥੇਦਾਰ ਹਰਬੰਸ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਕਿਸਾਨ ਜਥੇਦਾਰ ਹਰਬੰਸ ਸਿੰਘ, ਗੁਰਮੇਲ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਦਿੜ੍ਹਬਾ ਤੋਂ ਹਰ ਹਫ਼ਤੇ ਕਿਸਾਨਾਂ, ਨੌਜਵਾਨਾਂ ਅਤੇ ਬੀਬੀਆਂ ਦੀ ਬੱਸ ਭਰ ਕੇ ਜਾਂਦੀ ਹੈ, ਇਸ ਲੜੀ ਤਹਿਤ ਇਹ 15ਵੀਂ ਬੱਸ ਹੈ। ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਵੀ ਕੀਤੀ।