ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਜੁਲਾਈ
ਇਥੇ ਅੱਜ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਚੱਲ ਰਹੇ ਪੱਕੇ ਮੋਰਚੇ ਦੇ 304 ਦਿਨ ਮੀਂਹ ਕਾਰਨ ਡੁੱਬੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਦੀ ਸਰਕਾਰ ਵੱਲੋਂ ਕੋਈ ਸਾਰ ਨਾ ਲੈਣ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਮਾਸਟਰ ਗੁਰਚਰਨ ਸਿੰਘ ਖੋਖਰ,ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਜਿੰਦਰ ਸਿੰਘ ਨੰਗਲਾ ਨੇ ਕਿਹਾ ਕਿ ਮੂਨਕ ਵਾਲੇ ਪਾਸੇ ਦੇਹਲਾ ਸੀਹਾ, ਕੜੈਲ, ਬੱਲਰਾ, ਭੁਟਾਲ ਅਤੇ ਹੋਰ ਦਰਜਨਾਂ ਪਿੰਡਾਂ ਦੀ ਖੜ੍ਹੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਡੁੱਬ ਕੇ ਤਬਾਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਨੇ ਕੋਈ ਸਾਰ ਨਹੀਂ ਲਈ ਅਤੇ ਨਾ ਹੀ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਮੁਆਇਨਾ ਕਰਨ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇ ਝੋਨੇ ਦੀ ਡੁੱਬੀ ਫਸਲ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਨਾ ਦਿੱਤਾ ਤਾਂ ਉਹ ਸਖ਼ਤ ਐਕਸਨ ਕਰਨ ਲਈ ਮਜਬੂਰ ਹੋਣਗੇ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ , ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 302 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਗੁਰਚਰਨ ਸਿੰਘ, ਹੈਨੀ, ਜਸਪਾਲ ਸਿੰਘ ਪੇਧਨੀ, ਜਸਪਾਲ ਸਿੰਘ ਪੇਧਨੀ ਹਾਜ਼ਰ ਸਨ।
ਹਥਨ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ
ਮਾਲੇਰਕੋਟਲਾ( ਹੁਸ਼ਿਆਰ ਸਿਘ ਰਾਣੂੰ ): ਨੇੜਲੇ ਪਿੰਡ ਹਥਨ ਤੋਂ ਕਿਸਾਨਾਂ ਦਾ 43ਵਾਂ ਜਥਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ਇਕਾਈ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਦੀ ਅਗਵਾਈ ਹੇਠ ਦਿੱਲੀ (ਟਿਕਰੀ) ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਰਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੋਦੀ ਹਕੂਮਤ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਇਸੇ ਤਰ੍ਹਾਂ ਕਿਸਾਨ ਜੱਥੇ ਹਰ ਹਫ਼ਤੇ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੁੰਦੇ ਰਹਿਣਗੇ। ਇਸ ਮੌਕੇ ਬਲਵਿੰਦਰ ਸਿੰਘ, ਬਿੰਦਰ ਸਿੰਘ ,ਭਰਪੂਰ ਸਿੰਘ ਨੇ ਵੀ ਸੰਬੋਧਨ ਕੀਤਾ।