ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਕਤੂਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਸਰਕਾਰੀ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ 23ਵੇਂ ਦਿਨ ਅੱਜ ਵੱਡੀ ਗਿਣਤੀ ਕਿਸਾਨ ਸਥਾਨਕ ਰੇਲਵੇ ਸਟੇਸ਼ਨ ’ਤੇ ਡਟੇ ਰਹੇ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਨੂੰ ਭਾਜਪਾ ਦੇ ਪੰਜਾਬ ’ਤੇ ਹੱਲਾ ਕਰਾਰ ਦਿੱਤਾ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਛਾੜ ਕੇ ਹੀ ਦਮ ਲੈਣ ਦਾ ਐਲਾਨ ਕੀਤਾ। ਰੋਸ ਧਰਨੇ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਜਮਹੂਰੀ ਕਿਸਾਨ ਸਭਾ ਦੇ ਆਗੂ ਸਰਬਜੀਤ ਸਿੰਘ ਬੜੈਚ ,ਭਾਕਿਯੂ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ, ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਚਮਕੌਰ ਸਿੰਘ, ਭਾਕਿਯੂ (ਸਿੱਧੂਪੁਰ) ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਮੋਦੀ ਸਰਕਾਰ ਦੀਆਂ ਅੱਖਾਂ ਵਿੱਚ ਚੁਭਣ ਲੱਗ ਪਿਆ ਹੈ, ਇਸੇ ਕਰ ਕੇ ਹਰ ਹੀਲੇ ਸੰਘਰਸ਼ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਪੂਰੇ ਪੰਜਾਬ ਦੇ ਲੋਕਾਂ ਦਾ ਸੰਘਰਸ਼ ਹੈ ਤੇ ਪੰਜਾਬ ਦੇ ਲੋਕ ਭਾਜਪਾ ਦੇ ਇਸ ਹੱਲੇ ਨੂੰ ਪਛਾੜ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਰੋਸ ਧਰਨੇ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਕਿਸਾਨ ਆਗੂ ਸੁਖਦੇਵ ਸਿੰਘ ਘਰਾਚੋਂ, ਨਿਰਮਲ ਸਿੰਘ ਬਟੜਿਆਣਾ, ਅੰਮ੍ਰਿਤਪਾਲ ਡਸਕਾ ਤੇ ਸੁਖਦੇਵ ਸਿੰਘ ਉਭਾਵਾਲ ਨੇ ਵੀ ਸੰਬੋਧਨ ਕੀਤਾ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਘਰਸ਼ ਵਜੋਂ ਕਿਸਾਨਾਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਏ ਗਏ ਧਰਨੇ ਅੱਜ ਵੀ ਜਾਰੀ ਰਹੇ। ਖੇਤੀ ਸਬੰਧੀ ਵਸਤਾਂ ਦੀ ਆਮਦ ਲਈ 5 ਨਵੰਬਰ ਤੱਕ ਸਿਰਫ਼ ਮਾਲ ਗੱਡੀਆਂ ਨੂੰ ਪੰਜਾਬ ’ਚ ਪ੍ਰਵੇਸ਼ ਕਰਨ ਦੀ ਛੋਟ ਦੇਣ ਦੇ ਲਏ ਗਏ ਫੈਸਲੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਸ਼ੰਭੂ ਵਿੱਚ ਰੇਲਵੇ ਟਰੈਕ ਤੋਂ ਧਰਨਾ ਚੁੱਕ ਕੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਲਗਾ ਦਿੱਤਾ ਗਿਆ ਸੀ ਜੋ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਦਾ ਤਰਕ ਹੈ ਕਿ ਸ਼ੰਭੂ ਰੇਲਵੇ ਸਟੇਸ਼ਨ ’ਤੇ ਵੀ ਉਨ੍ਹਾਂ ਦਾ ਇਹ ਧਰਨਾ ਦਿਨ-ਰਾਤ ਚੱਲ ਰਿਹਾ ਹੈ। ਇਸ ਦੌਰਾਨ ਉਹ ਸਿਰਫ਼ ਮਾਲ ਗੱਡੀਆਂ ਨੂੰ ਲੰਘਣ ਦੇ ਰਹੇ ਹਨ ਪਰ ਜੇਕਰ ਸਰਕਾਰ ਨੇ ਯਾਤਰੀ ਰੇਲਗੱਡੀ ਲੰਘਾਉਣ ਦੀ ਕੋਸਿਸ਼ ਕੀਤੀ ਤਾਂ ਉਹ ਅਜਿਹਾ ਨਹੀਂ ਹੋਣ ਦੇਣਗੇ। ਇਸ ਦੌਰਾਨ ਬਜ਼ੁਰਗ ਕਿਸਾਨ ਆਗੂ ਸਤਿਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ, ਗੁਰਬਖਸ਼ ਸਿੰਘ ਬਲਬੇੜਾ ਆਦਿ ਦਾ ਕਹਿਣਾ ਸੀ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਇਸੇ ਦੌਰਾਨ ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ਪਿੰਡ ਵਿੱਚ ਨੈਸ਼ਨਲ ਟੌਲ ਪਲਾਜ਼ੇ ਸਮੇਤ ਜ਼ਿਲ੍ਹੇ ਵਿਚਲੇ ਬਾਕੀ ਟੌਲ ਪਲਾਜ਼ਿਆਂ ’ਤੇ ਵੀ ਕਿਸਾਨਾਂ ਵੱਲੋਂ ਦਿਨ-ਰਾਤ ਦੇ ਧਰਨੇ ਚਲਾਏ ਜਾ ਰਹੇ ਹਨ ਜਿਸ ਤਹਿਤ ਨਾਭਾ ਰੋਡ ’ਤੇ ਸਥਿਤ ਕਲਿਆਣ, ਅਮਲੋਹ ਰੋਡ ’ਤੇ ਪੈਂਦੇ ਚਹਿਲ ਅਤੇ ਸਮਾਣਾ ਰੋਡ ’ਤੇ ਸਥਿਤ ਅਸਰਪੁਰ ਚੁਪਕੀ ਪਿੰਡ ਨੇੜਲੇ ਸਟੇਟ ਪਲਾਜ਼ਿਆਂ ’ਤੇ ਵੀ ਕਿਸਾਨਾਂ ਨੇ ਪੱਕੇ ਡੇਰੇ ਲਗਾਏ ਹੋਏ ਹਨ। ਕਿਸਾਨਾਂ ਦੇ ਇਨ੍ਹਾਂ ਧਰਨਿਆਂ ਦੌਰਾਨ ਇਨ੍ਹਾਂ ਟੌਲ ਪਲਾਜ਼ਿਆਂ ’ਤੇ ਕਿਸੇ ਵੀ ਵਾਹਨ ਦੀ ਪਰਚੀ ਨਹੀਂ ਕੱਟਣ ਦਿਤੀ ਜਾ ਰਹੀ। ਟੌਲ ਪਲਾਜ਼ਿਆਂ ’ਤੇ ਜਾਰੀ ਧਰਨਿਆਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਅਵਤਾਰ ਸਿੰਘ ਕੌਰਜੀਵਾਲਾ, ਸਾਹਿਬ ਸਿੰਘ ਦੁਤਾਲ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗਆਨ ਸਿੰਘ ਰਾਏਪੁਰ ਸਮੇਤ ਸੂਬੇਦਾਰ ਨਰਾਤਾ, ਜੋਗਿੰਦਰ ਸਿੰਘ ਪੈਂਦ, ਸੁਬੇਗ ਸਿੰਘ ਸਤਰਾਣਾ ਆਦਿ ਵੀ ਸ਼ਾਮਲ ਹਨ। ਇਸੇ ਦੌਰਾਨ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਜਿੱਥੇ ਨਾਭਾ ਸਥਿਤ ਇੱਕ ਭਾਜਪਾ ਆਗ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਾਇਆ ਹੋਇਆ ਹੈ, ਉੱਥੇ ਹੀ ਰਿਲਾਇੰਸ ਅਤੇ ਐੱਸਆਰ ਨਾਲ ਸਬੰਧਤ ਛੇ ਪੈਟਰੋਲ ਪੰਪਾਂ ’ਤੇ ਵੀ ਧਰਨੇ ਚੱਲ ਰਹੇ ਹਨ।