Aided Schools: ਸਕੂਲਾਂ ’ਚ ਅਧਿਆਪਕਾਂ ਦੀ ਘਾਟ ਚਿੰਤਾ ਦਾ ਵਿਸ਼ਾ: ਗੋਲਡੀ
ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸਰਕਾਰ ਸਿੱਖਿਆ ਖੇਤਰ ਵੱਲ ਧਿਆਨ ਨਹੀਂ ਦੇ ਰਹੀ ਹੈ। ਸ੍ਰੀ ਗੋਲਡੀ ਅੱਜ ਅਧਿਆਪਕਾਂ ਦੇ ਵਫ਼ਦ ਨਾਲ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਕਰਮਚਾਰੀ...
ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸਰਕਾਰ ਸਿੱਖਿਆ ਖੇਤਰ ਵੱਲ ਧਿਆਨ ਨਹੀਂ ਦੇ ਰਹੀ ਹੈ। ਸ੍ਰੀ ਗੋਲਡੀ ਅੱਜ ਅਧਿਆਪਕਾਂ ਦੇ ਵਫ਼ਦ ਨਾਲ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਕਰਮਚਾਰੀ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਆਗੂ ਮਿਸਰਾ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੋਲਡੀ ਨੂੰ ਮਿਲਿਆ ਅਤੇ ਆਪਣੀਆਂ ਸਮੱਸਿਆਵਾਂ ਦੱਸੀਆਂ। ਸ੍ਰੀ ਗੋਲਡੀ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਏਡਿਡ ਸਕੂਲ ਬੰਦ ਹੋ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਲਕੇ ਦੇ ਸਕੂਲ ਅਧਿਆਪਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ। ਸ੍ਰੀ ਗੋਲਡੀ ਨੇ ਕਿਹਾ ਕਿ ਉਹ ਅਧਿਆਪਕਾਂ ਦੀਆਂ ਦਾ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਨਗੇ।
ਇਸ ਤੋਂ ਪਹਿਲਾਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਕਰਮਚਾਰੀ ਯੂਨੀਅਨ ਦੀ ਸੰਗਰੂਰ ਜ਼ਿਲ੍ਹੇ ਦੀ ਮੀਟਿੰਗ ਜ਼ਿਲ੍ਹਾ ਆਗੂ ਮਿਸਰਾ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿੱਚ ਹੋਈ। ਇਸ ਮੀਟਿੰਗ ਵਿੱਚ ਧੂਰੀ ਦੇ ਏਡਿਡ ਸਕੂਲਾਂ ਦੇ ਵਰਕਿੰਗ ਅਤੇ ਸੇਵਾਮੁਕਤ ਅਧਿਆਪਕ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਆਗੂ ਮਿਸਰਾ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਉਹ 9 ਮਈ ਨੂੰ ਧੂਰੀ ਵਿੱਚ ਸੂਬਾ ਪੱਧਰੀ ਰੈਲੀ ਕਰਨਗੇ। ਮੀਟਿੰਗ ਦੌਰਾਨ ਸਾਬਕਾ ਪ੍ਰਿੰਸੀਪਲ ਡਾ. ਐੱਨ ਐੱਸ ਪੰਧੇਰ, ਪ੍ਰਿੰਸੀਪਲ ਸਰਬਜੀਤ ਕੌਰ, ਸਾਬਕਾ ਪ੍ਰਿੰਸੀਪਲ ਧਰਮਿੰਦਰ ਕੁਮਾਰ, ਲਖਵੀਰ ਸਿੰਘ, ਗੁਰਦੀਪ ਸਿੰਘ, ਕਰਨਵੀਰ ਸਿੰਘ ਅਤੇ ਹੋਰ ਵੀ ਅਧਿਆਪਕ ਮੌਜੂਦ ਸਨ।

