ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਮਈ
ਸੰਗਰੂਰ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਤਕੜਾ ਹੁਲਾਰਾ ਮਿਲਿਆ ਜਦੋਂ ਅਕਾਲੀ ਆਗੂ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਸੋਮਾ ਸਿੰਘ ਘਰਾਚੋਂ ਆਪਣੇ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅਰਵਿੰਦ ਖੰਨਾ ਵਲੋਂ ਪਾਰਟੀ ’ਚ ਸ਼ਾਮਲ ਹੋਣ ’ਤੇ ਸੋਮਾ ਸਿੰਘ ਘਰਾਚੋਂ ਦਾ ਭਰਵਾਂ ਸਵਾਗਤ ਕਰਦਿਆਂ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਸੰਗਰੂਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ’ਤੇ ਚੱਲਦਿਆਂ ਵਿਰੋਧੀ ਪਾਰਟੀ ਦੇ ਆਗੂ ਤੇ ਵਰਕਰ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ‘ਸਭ ਦਾ ਸਾਥ ਸਭ ਦਾ ਵਿਕਾਸ ਦੇ ਮੰਤਰ’ ’ਤੇ ਕੰਮ ਕਰ ਰਹੀ ਹੈ। ਸ੍ਰੀ ਖੰਨਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਨੌਜਵਾਨਾਂ, ਕਿਸਾਨਾਂ, ਔਰਤਾਂ ਨਾਲ ਕੀਤੇ ਆਪਣੇ ਵਾਅਦੇ ਭੁਲਾ ਦਿੱਤੇ ਹਨ।