ਅਕਾਲੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਦੇ ਅਧਿਕਾਰ ਸੁਖਬੀਰ ਬਾਦਲ ਨੂੰ ਦਿੱਤੇ
ਪੱਤਰ ਪ੍ਰੇਰਕ
ਮਾਲੇਰਕੋਟਲਾ, 7 ਜੁਲਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਨਿਯੁਕਤ ਕੀਤੇ ਨਿਗਰਾਨ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਦੋਵੇਂ ਹਲਕਿਆਂ ਮਾਲੇਰਕੋਟਲਾ ਅਤੇ ਅਮਰਗੜ੍ਹ ਨਾਲ ਸਬੰਧਤ ਜ਼ਿਲ੍ਹਾ ਡੈਲੀਗੇਟਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਚੁਣਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ। ਸ੍ਰੀ ਖਡਿਆਲ ਨੇ ਕਿਹਾ ਕਿ ਇਲਾਕੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂ ਅਤੇ ਪਾਰਟੀ ਕਾਰਕੁਨ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਨਾਲ ਵੱਡੀ ਗਿਣਤੀ ਲੋਕਾਂ ਨੂੰ ਜੋੜਿਆ ਜਾਵੇਗਾ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਮੈਂਬਰਾਂ, ਵਰਕਿੰਗ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਚੋਣ ਤੋਂ ਬਾਅਦ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਸਬੰਧੀ ਡੈਲੀਗੇਟ ਮੀਟਿੰਗਾਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਡੈਲੀਗੇਟਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਮੀਟਿੰਗ ਜ਼ਿਲਾ ਅਬਜ਼ਰਵਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਹੋਈ ਜਿਸ ਵਿਚ ਸਮੂਹ ਡੈਲੀਗੇਟਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇਣ ਬਾਰੇ ਇੱਕ ਮਤਾ ਪਾਸ ਕੀਤਾ ਗਿਆ। ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸਾਰਿਆਂ ਵੱਲੋਂ ਸੁਖਬੀਰ ਬਾਦਲ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾਵੇਗਾ।