ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਏਕੇ ਦਾ ਸੱਦਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ-ਪਿੰਡ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਤੋਂ ਇਲਾਵਾ ਪਿੰਡਾਂ ਵਿਚ ਜਥੇਬੰਦੀ ਦੀ ਚੋਣ ਮੁਹਿੰਮ ਵੀ ਜਾਰੀ ਹੈ। ਬਲਾਕ ਸੰਗਰੂਰ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਖਜ਼ਾਨਚੀ ਕਰਮਜੀਤ ਸਿੰਘ ਮੰਗਵਾਲ ਅਤੇ ਕਰਮਜੀਤ ਸਿੰਘ ਮੰਡੇਰ ਲਗਾਤਾਰ ਦੋ ਦਿਨਾਂ ਤੋਂ ਪਿੰਡਾਂ ਦੀਆਂ ਇਕਾਈਆਂ ਦੀਆਂ ਚੋਣਾਂ ਕਰਵਾਉਣ ਅਤੇ ਲੋਕਾਂ ਨੂੰ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲਾਮਬੰਦ ਕਰਨ ’ਚ ਜੁਟੇ ਹੋਏ ਹਨ। ਅੱਜ ਵੀ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਪਿੰਡਾਂ ਵਿਚ ਜਥੇਬੰਦੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸਰਕਾਰ ਦੀ ਤਾਨਾਸ਼ਾਹੀ ਅਤੇ ਜਬਰ ਖ਼ਿਲਾਫ਼ ਲੋਕ ਆਪ ਮੁਹਾਰੇ ਜਥੇਬੰਦੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਦੀ ਆੜ ਵਿਚ ਪਿੰਡਾਂ ਦੀਆਂ ਉਪਜਾਊ ਜ਼ਮੀਨਾਂ ਉਪਰ ਵੱਡਾ ਹਮਲਾ ਹੈ ਜਿਸ ਦੇ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਦੌਰੇ ਦੌਰਾਨ ਪਿੰਡ ਬਡਰੁੱਖਾਂ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ, ਪਿੰਡ ਉਪਲੀ ਇਕਾਈ ਦੇ ਪ੍ਰਧਾਨ ਗੁਰਜੰਟ ਸਿੰਘ, ਪਿੰਡ ਚੱਠੇ ਸੇਖਵਾਂ ਇਕਾਈ ਦੇ ਪ੍ਰਧਾਨ ਹਰਜੀਤ ਸਿੰਘ, ਪਿੰਡ ਲੱਡੀ ਇਕਾਈ ਦੇ ਪ੍ਰਧਾਨ ਕੁਲਵਿੰਦਰ ਸਿੰਘ, ਪਿੰਡ ਬਾਲੀਆਂ ਇਕਾਈ ਦੇ ਪ੍ਰਧਾਨ ਗੁਰਲਾਲ ਸਿੰਘ ਗੁਰੀ ਨੂੰ ਬਣਾਇਆ ਗਿਆ ਅਤੇ ਬਾਕੀ ਪਿੰਡਾਂ ’ਚ ਵੀ ਚੋਣ ਮੁਹਿੰਮ ਜਾਰੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਮਹਿਲਾ ਇਕਾਈਆਂ ਦੀ ਵੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਕਿਸਾਨ-ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਵੱਡੀ ਪੱਧਰ ’ਤੇ ਜਥੇਬੰਦੀ ਨੂੰ ਹੁੰਗਾਰਾ ਦੇ ਰਹੇ ਹਨ।