ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਗਸਤ
ਸਰਹੱਦੀ ਜ਼ਿਲ੍ਹੇ ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬਹੁਜਨ ਸਮਾਜ ਪਾਰਟੀ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਦਿਆਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਸਪਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਪੰਜਾਬ ਦੇ ਨਾਂ ਮੰਗ ਪੱਤਰ ਸੌਂਪ ਕੇ ਤੁਰੰਤ ਪੰਜਾਬ ਸਰਕਾਰ ਨੂੰ ਭੰਗ ਕਰਨ ਦੀ ਮੰਗ ਕੀਤੀ ਗਈ। ਬਸਪਾ ਦੇ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਅਗਵਾਈ ਹੇਠ ਪਾਰਟੀ ਵਰਕਰ ਲੇਬਰ ਚੌਕ ’ਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦਿਆਂ ਛੋਟਾ ਚੌਕ ਹੁੰਦੇ ਹੋਏ ਲਾਲ ਬੱਤੀ ਚੌਕ ਪੁੱਜੇ ਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚਮਕੌਰ ਸਿੰਘ ਵੀਰ ਨੇ ਜ਼ਹਿਰੀਲੀ ਸ਼ਰਾਬ ਲਈ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਦੀ ਨਾਕਾਮੀ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਲਈ ਧਾਰਮਿਕ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਨਸ਼ਾ ਖਤਮ ਕੀ ਹੋਣਾ ਸੀ ਸਗੋਂ ਨਸ਼ਿਆਂ ਦਾ ਰੁਝਾਨ ਸਿਖ਼ਰ ’ਤੇ ਪੁੱਜ ਗਿਆ ਹੈ ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਨੂੰ ਸੱਤਾ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਨੂੰ ਭੰਗ ਕੀਤਾ ਜਾਵੇ।
ਰਾਜਪੁਰਾ (ਪੱਤਰ ਪ੍ਰੇਰਕ) ਪੰਜਾਬ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਗੁਰਦਾਸਪੁਰ ਤੇ ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਸੈਂਕੜੇ ਲੋਕਾਂ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰਾਜ ਦੇ ਗਵਰਨਰ ਨੂੰ ਮੰਗ ਪੱਤਰ ਭੇਜ ਕੇ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਬਸਪਾ ਆਗੂਆਂ ਨੇ ਰਾਜ ਦੇ ਗਵਰਨਰ ਦੇ ਨਾਂ ਮੰਗ ਪੱਤਰ ਤਹਿਸੀਲਦਾਰ ਹਰਸਿਮਰਨ ਸਿੰਘ ਰਾਜਪੁਰਾ ਨੂੰ ਸੌਂਪਿਆ ਗਿਆ। ਇਸ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀਆਂ ਤੰਦਾਂ ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਸੱਤਾਧਾਰੀ ਧਿਰ ਦੇ ਆਗੂਆਂ ਨਾਲ ਜੁੜੀਆਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਿੰਮੇਵਾਰ ਆਗੂਆਂ, ਐਕਸਾਈਜ਼ ਵਿਭਾਗ ਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਸਾਢੇ ਤਿੰਨ ਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਨਾ ਕਰਕੇ ਵਾਅਦਾ-ਖਿਲਾਫੀ ਕੀਤੀ ਜਾ ਰਹੀ ਹੈ।
ਧੂਰੀ (ਹਰਦੀਪ ਸਿੰਘ ਸੋਢੀ) ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੌ ਤੋਂ ਵੱਧ ਵਿਅਕਤੀਆਂ ਦੀ ਹੋਈ ਮੌਤ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਹਲਕਾ ਧੂਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕੈਂਥ ਦੀ ਅਗਵਾਈ ਹੇਠ ਇਥੇ ਐੱਸਡੀਐੱਮ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਸਾੜਨ ਮਗਰੋਂ ਐੱਸਡੀਐੱਮ ਧੂਰੀ ਲਤੀਫ ਅਹਿਮਦ ਨੂੰ ਮੰਗ ਪੱਤਰ ਸੌਂਪਿਆ ਤੇ ਸ਼ਰਾਬ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ।