ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਨੇ ਦੋਸ਼ ਲਾਇਆ ਹੈ ਕਿ ਪੇਂਡੂ ਤੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਵੱਲੋਂ ਪੰਚਾਇਤਾਂ ਨੂੰ ਪੰਜ ਪੰਜ ਮਰਲੇ ਦੇ ਪਲਾਟਾਂ ਸਬੰਧੀ ਜੋ ਹਿਦਾਇਤਾਂ ਜਾਰੀ ਕੀਤੀਆਂ ਹਨ ਉਨ੍ਹਾਂ ਦੀ ਪਾਲਣਾ ਕਰਨ ’ਚ ਵਿਤਕਰਾ ਹੋ ਰਿਹਾ ਹੈ। ਜਥੇਬੰਦੀ ਵੱਲੋਂ ਮਹਿਲਾਂ, ਰਵਿਦਾਸਪੁਰਾ ਟਿੱਬੀ, ਨਮੋਲ, ਖਡਿਆਲ ਤੇ ਛਾਜਲਾ ’ਚ ਰੋਸ ਰੈਲੀਆਂ ਕੀਤੀਆਂ ਗਈਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਧਰਮਪਾਲ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜ਼ਿਲ੍ਹਾ ਸਕੱਤਰ ਬਿਮਲ ਕੌਰ, ਜ਼ਿਲ੍ਹਾ ਆਗੂ ਜਗਦੀਪ ਸਿੰਘ ਨੇ ਕਿਹਾ ਕਿ ਪੇਂਡੂ ਤੇ ਪੰਚਾਇਤ ਵਿਕਾਸ ਡਾਇਰੈਕਟਰ ਪੰਜਾਬ ਵੱਲੋਂ ਪੰਜ ਪੰਜ ਮਰਲੇ ਦੇ ਪਲਾਟ ਲੋੜਵੰਦਾਂ ਨੂੰ ਵੰਡਣ ਸਬੰਧੀ ਜੋ ਪੰਚਾਇਤਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ, ਪੰਚਾਇਤਾਂ ਵੱਲੋਂ ਉਨ੍ਹਾਂ ਨੂੰ ਅਣਗੌਲੇ ਕੀਤਾ ਜਾ ਰਿਹਾ ਹੈ।
ਧੂਰੀ (ਹਰਦੀਪ ਸਿੰਘ ਸੋਢੀ) ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਜ਼ਦੂਰਾਂ ਨੂੰ ਦਿੱਤੇ ਜਾਣ ਵਾਲੇ ਪੰਜ ਪੰਜ ਮਰਲੇ ਦੇ ਪਲਾਟਾਂ ’ਚ ਵਿਤਕਰੇਬਾਜ਼ੀ ਕਰਨ ਵਿਰੁੱਧ ਪਿੰਡ ਈਸੀ ਵਿੱਚ ਰੋਸ ਰੈਲੀ ਕੀਤੀ ਤੇ ਮਜ਼ਦੂਰਾਂ ਦੇ ਫਾਰਮ ਭਰੇ ਗਏ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਜ਼ਰੂਰਤਮੰਦਾਂ ਦੇ ਫਾਰਮ ਭਰੇ ਜਾ ਰਹੇ ਹਨ ਪਰ ਇਸ ’ਚ ਵਿਤਕਰਾ ਕੀਤਾ ਜਾ ਰਿਹਾ ਹੈ। ਲਹਿਰਾਗਾਗਾ (ਰਮੇਸ਼ ਭਾਰਦਵਾਜ) ਪਿੰਡ ਫਤਿਹਗੜ੍ਹ ’ਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜ ਪੰਜ ਮਰਲੇ ਦੇ ਪਲਾਟਾਂ ਸਬੰਧੀ ਹਦਾਇਤਾਂ ਦੀ ਪੰਚਾਇਤਾਂ ਵੱਲੋਂ ਪਾਲਣਾ ਨਾ ਕਰਨ ਖ਼ਿਲਾਫ਼ ਰੈਲੀ ਕੀਤੀ ਗਈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਪੇਂਡੂ ਤੇ ਪੰਚਾਇਤ ਵਿਕਾਸ ਡਾਇਰੈਕਟਰ ਪੰਜਾਬ ਵੱਲੋਂ ਪੰਜ ਪੰਜ ਮਰਲੇ ਦੇ ਪਲਾਟ ਲੋੜਵੰਦਾਂ ਨੂੰ ਵੰਡਣ ਸਬੰਧੀ ਜੋ ਪੰਚਾਇਤਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਸ ਦੀਆਂ ਪੰਚਾਇਤਾਂ ਉਲੰਘਣ ਕਰ ਰਹੀਆਂ ਹਨ।
ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ) ਪਿੰਡ ਤੋਲਾਵਾਲ ’ਚ ਭਗਤ ਰਵਿਦਾਸ ਧਰਮਸ਼ਾਲਾ ’ਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਲਈ ਪੰਚਾਇਤਾਂ ਵੱਲੋਂ ਪਲਾਟਾਂ ਦੇ ਮਤੇ ਨਾ ਪਾਉਣ ਸਬੰਧੀ ਇੱਕ ਰੈਲੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਲਖਵੀਰ ਲੌਗੋਂਵਾਲ ਅਤੇ ਪਰਗਟ ਕਾਲਾਝਾੜ ਨੇ ਕਿਹਾ ਕਿ ਪੰਜਾਬ ਦੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਜੀਤ ਸਿੰਘ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਬਾਵਜੂਦ ਪਿੰਡਾਂ ’ਚ ਲੋੜਵੰਦ ਪਰਿਵਾਰਾਂ ਲਈ ਪਲਾਟਾਂ ਦੇ ਮਤੇ ਨਹੀਂ ਪਾਏ ਜਾ ਰਹੇ।