ਅਮਨ ਅਰੋੜਾ ਵੱਲੋਂ ਬੈਡਮਿੰਟਨ ਕੋਰਟ ਦਾ ਉਦਘਾਟਨ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਮਾਇਆ ਗਾਰਡਨ ਵਿੱਚ ਤਿਆਰ ਕੀਤੇ ਗਏ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ। ਇਸ ਦੌਰਾਨ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਹੁਣ ਲੋਕ ਵੀ ਸਹਿਯੋਗ ਦੇਣ ਲੱਗੇ ਹਨ। ਲੋਕ ਖੁਦ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ। ਇਹ ਮੈਦਾਨ ਬਣਨ ਨਾਲ ਜਿੱਥੇ ਨੌਜਵਾਨ ਖੇਡਾਂ ਨਾਲ ਜੁੜਨਗੇ ਉਥੇ ਹੀ ਉਹ ਨਸ਼ੇ ਦੀ ਅਲਾਮਤ ਤੋਂ ਵੀ ਬਚੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਨੂੰ ਵੀ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਹਰ ਤਰ੍ਹਾਂ ਦੀ ਗਤੀਵਿਧੀ ’ਤੇ ਨਕੇਲ ਪਾਈ ਜਾ ਰਹੀ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਪਿੰਡ ਨੂੰ ਖੇਡ ਮੈਦਾਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਸਮੇਂ ਦੌਰਾਨ ਪੰਜਾਬ ਦੇ ਨੌਜਵਾਨ ਸੂਬੇ ਦਾ ਖੇਡਾਂ ਦੇ ਖੇਤਰ ਵਿੱਚ ਵੀ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਭਾਰੀ ਗਿਣਤੀ ਵਿੱਚ ਮਾਇਆ ਗਾਰਡਨ ਨਿਵਾਸੀ, ਮਾਇਆ ਗਾਰਡਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਬੈਡਮਿੰਟਨ ਦੇ ਖਿਡਾਰੀ ਸ਼ਾਮਲ ਸਨ।