ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 29 ਜਨਵਰੀ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਉਤੇ ਤਸੱਲੀ ਪ੍ਰਗਟਾਉਂਦੇ ਹੋਏ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਲੁੱਟ ਖਸੁੱਟ ਦੇ ਮਾੜੇ ਰੁਝਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ 31 ਮਾਰਚ ਤੋਂ ਪਹਿਲਾਂ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਰੇਹੜੀ ਫੜ੍ਹੀ ਵਾਲੇ ਗਰੀਬ ਲੋਕ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਸ ਮਾਰਕੀਟ ਦਾ ਲਾਭ ਲੈ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਕੈਬਨਿਟ ਮੰਤਰੀ ਅਰੋੜਾ ਵੱਲੋਂ ਸੁਨਾਮ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਨਿਰੀਖਣ ਕੀਤਾ ਸੀ ਤੇ ਗੈਰ ਮਿਆਰੀ ਸਾਮਾਨ ਵਰਤਣ ਦਾ ਨੋਟਿਸ ਲੈਂਦਿਆਂ ਤਾੜਨਾ ਕੀਤੀ ਸੀ ਜਿਸ ਉਪਰੰਤ ਅਗਲੇ ਹੀ ਦਿਨ ਠੇਕੇਦਾਰ ਵੱਲੋਂ ਸਾਰੀ ਸਮੱਗਰੀ ਬਦਲ ਦਿੱਤੀ ਗਈ ਸੀ।