ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਿਵਲ ਹਸਪਤਾਲ ਵਿੱਚ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਕਾਰਜਾਂ ਤਹਿਤ ਹਸਪਤਾਲ ਦੀ ਚਾਰਦੀਵਾਰੀ, ਟਿਊਬਵੈੱਲ ਅਤੇ ਸੀਵਰੇਜ ਦੇ ਕੰਮ ਕਰਵਾਏ ਜਾਣਗੇ। ਇਨ੍ਹਾਂ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਿਵਲ ਹਸਪਤਾਲ ਵਿੱਚ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਕਾਰਜਾਂ ਤਹਿਤ ਹਸਪਤਾਲ ਦੀ ਚਾਰਦੀਵਾਰੀ, ਟਿਊਬਵੈੱਲ ਅਤੇ ਸੀਵਰੇਜ ਦੇ ਕੰਮ ਕਰਵਾਏ ਜਾਣਗੇ। ਇਨ੍ਹਾਂ ਦੇ ਮੁਕੰਮਲ ਹੋਣ ਨਾਲ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਣ ਅਤੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਿਹਤਰ ਸਹੂਲਤਾਂ ਮਿਲਣ ਦੀ ਉਮੀਦ ਹੈ।
ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਦੀਆਂ ਸਹੂਲਤਾਂ ਦੇ ਨਾਲ-ਨਾਲ ਪਾਣੀ, ਸੀਵਰੇਜ, ਸਫ਼ਾਈ ਅਤੇ ਸੁਰੱਖਿਆ ਦੇ ਪ੍ਰਬੰਧ ਵੀ ਜ਼ਰੂਰੀ ਹਨ। ਚਾਰਦੀਵਾਰੀ ਦੇ ਨਿਰਮਾਣ ਨਾਲ ਹਸਪਤਾਲ ਦੀ ਸੁਰੱਖਿਆ ਅਤੇ ਸੰਭਾਲ ਵਿੱਚ ਸੁਧਾਰ ਹੋਵੇਗਾ, ਜਦਕਿ ਟਿਊਬਵੈੱਲ ਅਤੇ ਸੀਵਰੇਜ ਦੇ ਕੰਮ ਪਾਣੀ ਦੀ ਸਪਲਾਈ ਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਹਲਕਾ ਸੁਨਾਮ ਦੇ ਵਸਨੀਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਵੱਲੋਂ 25 ਨਵੇਂ ਈ-ਰਿਕਸ਼ੇ ਅਤੇ ਕੂੜਾ ਚੁੱਕਣ ਲਈ 15 ਟੈਂਪੂ ਖ਼ਰੀਦਣ ਦਾ ਮਤਾ ਪਾਸ ਕੀਤਾ ਗਿਆ ਹੈ। ਇਨ੍ਹਾਂ ਵਾਹਨਾਂ ਰਾਹੀਂ ਘਰਾਂ ਤੋਂ ਕੂੜਾ ਇਕੱਠਾ ਕਰਨ ਅਤੇ ਇਸ ਦੀ ਢੋਆ-ਢੁਆਈ ਨੂੰ ਹੋਰ ਸੁਚਾਰੂ ਬਣਾਉਣ ਦੀ ਯੋਜਨਾ ਹੈ। ਮੰਤਰੀ ਨੇ ਦੱਸਿਆ ਕਿ ਗਲੀਆਂ ਅਤੇ ਮੁੱਖ ਸੜਕਾਂ ਦੇ ਕਿਨਾਰਿਆਂ ’ਤੇ ਬਣੇ ਦੋ-ਤਿੰਨ ਪ੍ਰਾਇਮਰੀ ਕੂੜਾ ਡੰਪ ਹਟਾ ਕੇ ਕੂੜਾ ਸਿੱਧਾ ਬਖਸ਼ੀਵਾਲਾ ਰੋਡ ਸਥਿਤ ਮੁੱਖ ਡੰਪਿੰਗ ਗਰਾਊਂਡ ਤੱਕ ਪਹੁੰਚਾਉਣ ਦੀ ਯੋਜਨਾ ਹੈ। ਇਸ ਨਾਲ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦੀ ਸਮੱਸਿਆ ਘਟਾਉਣ ਅਤੇ ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਦਾ ਟੀਚਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨੀਤੀ ਤਹਿਤ 12 ਸਾਲ ਤੋਂ ਵੱਧ ਸਮੇਂ ਤੋਂ ਕਾਬਜ਼ ਯੋਗ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਸੁਨਾਮ ਦੇ ਨਵੇਂ ਬਾਜ਼ਾਰ ਦੀਆਂ ਲਗਭਗ 47-48 ਦੁਕਾਨਾਂ ਦੇ ਮਾਮਲਿਆਂ ’ਤੇ ਪਿਛਲੇ ਡੇਢ ਤੋਂ ਦੋ ਸਾਲਾਂ ਤੋਂ ਕੰਮ ਚੱਲ ਰਿਹਾ ਸੀ ਅਤੇ ਹੁਣ ਸਬੰਧਤ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੋਗ ਦੁਕਾਨਦਾਰ ਨੀਤੀ ਦੀਆਂ ਸ਼ਰਤਾਂ ਅਨੁਸਾਰ ਦੁਕਾਨਾਂ ਦੀ ਰਜਿਸਟਰੀ ਆਪਣੇ ਨਾਮ ਕਰਵਾ ਸਕਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਪਵਿੱਤਰ ਨਰਾਤਰਿਆਂ ਦੀਆਂ ਵਧਾਈਆਂ ਦਿੰਦਿਆਂ ਸਭਨਾਂ ਦੀ ਚੰਗੀ ਸਿਹਤ, ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

