ਅਮਨ ਅਰੋੜਾ ਵੱਲੋਂ ਡੇਢ ਸੌ ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ
ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਆਪਣੇ ਹਲਕੇ ਅਧੀਨ ਪੈਂਦੀਆਂ 149.02 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਸ਼ਾਹਪੁਰ ਕਲਾਂ, ਲੌਂਗੋਵਾਲ, ਮੰਡੇਰ ਕਲਾਂ, ਉੱਭਾਵਾਲ ਅਤੇ ਈਲਵਾਲ ਵਿੱਚ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ 40.12 ਕਰੋੜ ਰੁਪਏ ਦੀ ਲਾਗਤ ਨਾਲ 48 ਸੜਕਾਂ ਦੀ ਅਪਗਰੇਡੇਸ਼ਨ ਹੋਵੇਗੀ ਅਤੇ ਇਹ ਸਾਰੇ ਕੰਮ ਅਗਲੇ 7-8 ਮਹੀਨੇ ਵਿੱਚ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਨ੍ਹਾਂ ਪੇਂਡੂ ਸੜਕਾਂ ਦੀ ਅਗਲੇ ਪੰਜ ਸਾਲ ਸਾਂਭ ਸੰਭਾਲ ਵੀ ਠੇਕੇਦਾਰ ਹੀ ਕਰੇਗਾ। ਸੜਕਾਂ ਦੇ ਨਾਲ-ਨਾਲ ਹੋਰ ਸਾਰੇ ਵਿਕਾਸ ਕਾਰਜਾਂ ਵਿੱਚ ਵੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਵਿਕਾਸ ਕਾਰਜ ਆਪਣੀ ਨਿਗਰਾਨੀ ਵਿੱਚ ਤਸੱਲੀ ਨਾਲ ਕਰਵਾਉਣ।
ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਉਹ ਲਾਰਿਆਂ ਵਿੱਚ ਰੱਖਣ ਵਿੱਚ ਵਿਸ਼ਵਾਸ ਨਹੀਂ ਰੱਖਦੇ। ਸਾਫ਼ ਨੀਅਤ ਨਾਲ ਸਾਰੇ ਕੰਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪੱਛੜ ਗਿਆ ਸੀ ਪਰ ਜਦੋਂ ਤੋਂ ‘ਆਪ’ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ’ਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ, ਨੇੜਲੇ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।