ਅਮਨ ਅਰੋੜਾ ਵੱਲੋਂ ਬਡਰੁੱਖਾਂ ’ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੇੜਲੇ ਪਿੰਡ ਬਡਰੁੱਖਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਵੱਲੋਂ 35.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਪਿੰਡ ਦੀ ਫਿਰਨੀ ਨੂੰ ਪੱਕਾ ਕਰਨ ਅਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲੌਕ ਟਾਈਲਾਂ ਲਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਡ ਸਟੇਡੀਅਮ ਪਿੰਡ ਬਡਰੁੱਖਾਂ ਦੇ ਖਿਡਾਰੀਆਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ, ਜਿਸ ਨਾਲ ਖੇਡਾਂ ਦਾ ਖੇਤਰ ਹੋਰ ਮਜ਼ਬੂਤ ਹੋਵੇਗਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਣਾ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਸੜਕ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ, ਜਦਕਿ ਹੋਰ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਨੂੰ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਪਿੰਡ ਬਡਰੁੱਖਾਂ ਉਨ੍ਹਾਂ ਦਾ ਆਪਣਾ ਜੱਦੀ ਪਿੰਡ ਹੈ, ਜਿੱਥੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਅਰੋੜਾ ਨੇ ਸਟੇਡੀਅਮ ਦਾ ਨਕਸ਼ਾ ਵੇਖਦਿਆਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਸੁਝਾਅ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿਚ 11.5 ਕਰੋੜ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
