ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੁਨਾਮ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਵੱਲੋਂ ਪਿੰਡ ਬਡਰੁੱਖਾਂ ਵਿਚ ਚੋਣ ਜਲਸੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬਡਰੁੱਖਾਂ ਉਨ੍ਹਾਂ ਦਾ ਜੱਦੀ ਪਿੰਡ ਹੈ ਅਤੇ ਉਨ੍ਹਾਂ ਨੂੰ ਆਪਣੇ ਪਿੰਡ ਦੇ ਲੋਕਾਂ ’ਤੇ ਮਾਣ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵਰ੍ਹਦਿਆਂ ਕਿਹਾ ਕਿ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਬਰਾਮਦ ਹੋਵੇ, ਤਾਂ ਸ਼ਾਇਦ ਅਜਿਹਾ ਗਰੀਬ ਤਾਂ ਪੰਜਾਬ ਵਿਚ ਕੋਈ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਚਲਾਉਣੀ ਨਹੀਂ ਜਾਣਦਾ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵਾਰ ਲੋਕਾਂ ਕੋਲ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣ ਦਾ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ‘ਆਪ’ ਆਗੂ ਹਰਪਾਲ ਸਿੰਘ, ਗੁਰਦੀਪ ਸਿੰਘ ਸੰਧੂ, ਦੀਪ ਸਿੰਘ ਬਡਰੁੱਖਾਂ ਮੌਜੂਦ ਸਨ।
ਅਰਵਿੰਦ ਖੰਨਾ ਦੇ ਹੱਕ ’ਚ ਨਿੱਤਰੀ ਸ਼ੈਲਰ ਐਸ਼ੋਸੀਏਸ਼ਨ: ਸੰਗਰੂਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿਚ ਅੱਜ ਸ਼ੈਲਰ ਐਸੋਸੀਏਸ਼ਨ ਵੱਲੋਂ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਖੰਨਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਸ੍ਰੀ ਖੰਨਾ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਸ਼ੈਲਰ ਐਸੋਸੀਏਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸ਼ੈਲਰ ਐਸ਼ੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪਵਨ ਕੁਮਾਰ ਗਰਗ, ਦਿਨੇਸ਼ ਗੋਇਲ ਬਬਲੂ, ਕਮਲ ਮਿੱਤਲ, ਕੁਲਵੰਤ ਸਿੰਘ ਗਹਿਲਾਂ, ਮੁਕੇਸ਼ ਕੁਮਾਰ, ਜਿੰਮੀ ਸਿੰਗਲਾ ਮੌਜੂਦ ਸਨ।
ਵਿਜੈਇੰਦਰ ਸਿੰਗਲਾ ਦੇ ਹੱਕ ’ਚ ਪ੍ਰਚਾਰ: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਵੱਲੋਂ ਆਪਣੇ ਪਿਤਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ ਪ੍ਰਤੀ ਦਿਖਾਏ ਜਾ ਰਹੇ ਉਤਸ਼ਾਹ ਤੋਂ ਮਹਿਸੂਸ ਹੋ ਰਿਹਾ ਹੈ ਸ੍ਰੀ ਵਿਜੈ ਇੰਦਰ ਸਿੰਗਲਾ ਦੂਜੀ ਵਾਰ ਸੰਗਰੂਰ ਤੋਂ ਵੱਡੀ ਜਿੱਤ ਹਾਸਲ ਕਰਨਗੇ।