ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਜੁਲਾਈ
ਮੁੱਖ ਅੰਸ਼
- ਤਹਿਸੀਲਦਾਰ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ
- ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਦਿੱਲੀ-ਲੁਧਿਆਣਾ ਹਾਈਵੇਅ ਉਪਰ ਟੀ-ਪੁਆਇੰਟ ’ਤੇ ਆਵਾਜਾਈ ਠੱਪ ਕਰਦਿਆਂ ਕਰੀਬ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ ਜਿਨ੍ਹਾਂ ਵੱਲੋਂ ਵਿੱਤ ਮੰਤਰੀ ਦੇ ਨਾਂ ਮੰਗ ਪੱਤਰ ਵੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ।
ਸਥਾਨਕ ਮਹਿਲ ਮੁਬਾਰਕ ਨੇੜੇ ਇਕੱਠੇ ਹੋਣ ਤੋਂ ਬਾਅਦ ਰੋਸ ਮਾਰਚ ਕਰਦਿਆਂ ਜਿਉਂ ਹੀ ਠੇਕਾ ਮੁਲਾਜ਼ਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਵਧ ਰਹੇ ਸਨ ਤਾਂ ਉਨ੍ਹਾਂ ਨੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਮਾਰੂਤੀ ਏਜੰਸੀ ਸਾਹਮਣੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਵੀ ਉਥੇ ਪੁੱਜ ਗਏ ਅਤੇ ਸ੍ਰੀ ਚੀਮਾ ਦੀ ਕੋਠੀ ਨੇੜੇ ਬੈਰੀਕੇਡ ਲਗਾ ਕੇ ਪੁਲੀਸ ਤਾਇਨਾਤ ਕੀਤੀ ਹੋਈ ਸੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ ਤੇ ਰਮਨਪ੍ਰੀਤ ਕੌਰ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਕੇ ਪੰਜਾਬ ਸਰਕਾਰ ਵੱਲੋਂ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ।
ਸਰਕਾਰ ’ਤੇ ਗੱਲਬਾਤ ਨਾ ਕਰਨ ਦਾ ਦੋਸ਼
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੇ ਰੈਗੂਲਰ ਹੋਣ ਲਈ ਮੋਰਚੇ ਦੇ ਬੈਨਰ ਹੇਠ ਚਾਰ ਵਾਰ ਮੰਗ ਪੱਤਰ ਰਾਹੀਂ ਗੱਲਬਾਤ ਕਰਨ ਦੀ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਨਾ ਮੁਨਾਸਬਿ ਨਹੀਂ ਸਮਝਿਆ। ਆਗੂਆਂ ਨੇ ਮੰਗ ਕੀਤੀ ਕਿ ਲੋੜ ਮੁਤਾਬਕ ਭਰਤੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤੇ ਠੇਕਾ ਮੁਲਾਜ਼ਮਾਂ ਨਾਲ ਵਿਤਕਰੇਬਾਜ਼ੀ ਬੰਦ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਠੇਕਾ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਬੰਦ ਨਾ ਕੀਤੀ ਅਤੇ ਠੇਕਾ ਮੁਲਾਜ਼ਮਾਂ ਜਲਦ ਰੈਗੂਲਰ ਨਾ ਕੀਤਾ ਤਾਂ ਉਨ੍ਹਾਂ ਨੂੰ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਏਗਾ। ਇਸ ਮੌਕੇ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਪੁੱਜੇ ਅਤੇ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ।