ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਸਤੰਬਰ
ਆਂਗਣਵਾੜੀ ਅਤੇ ਸੀਟੂ ਵਰਕਰਾਂ ਨੇ ਕਿਸਾਨਾਂ ਉਪਰ ਅੰਨ੍ਹੇਵਾਹ ਤਸ਼ੱਦਦ ਢਾਹੁਣ ਵਾਲੀ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਕੇਂਦਰ ਖ਼ਿਲਾਫ਼ ਅੱਜ ਇਥੇ ਲਾਲ ਬੱਤੀ ਚੌਂਕ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ। ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਕਿਸਾਨਾਂ ਉਪਰ ਤਸ਼ੱਦਦ ਢਾਹੁਣ ਦਾ ਹੁਕਮ ਦੇਣ ਵਾਲੇ ਐਸਡੀਐਮ ਕਰਨਾਲ ਅਤੇ ਹੋਰ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਰਨਾਲ ’ਚ ਪੁਲੀਸ ਲਾਠੀਚਾਰਜ ਦਾ ਸ਼ਿਕਾਰ ਹੋਣ ਮਗਰੋਂ ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਆਂਗਣਵਾੜੀ ਅਤੇ ਸੀਟੂ ਵਰਕਰ ਰੋਸ ਮਾਰਚ ਕਰਦਿਆਂ ਇਥੇ ਲਾਲ ਬੱਤੀ ਚੌਂਕ ਵਿਚ ਪੁੱਜੇ। ਇਥੇ ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮੁਜ਼ਾਹਰਾਕਾਰੀਆਂ ਨੂੰ ਸੀਟੂ ਦੇ ਸਕੱਤਰ ਇੰਦਰਪਾਲ ਸਿੰਘ ਪੁੰਨਾਂਵਾਲ, ਕਾਮਰੇਡ ਚਮਕੌਰ ਸਿੰਘ ਖੇੜੀ, ਇੰਦਰਜੀਤ ਸਿੰਘ ਛੰਨਾਂ, ਆਂਗਣਵਾੜੀ ਯੂਨੀਅਨ ਆਗੂ ਮਨਦੀਪ ਕੁਮਾਰੀ, ਰਣਜੀਤ ਕੌਰ, ਸੁਨੀਤਾ ਰਾਣੀ ਅਤੇ ਗੁਰਮੀਤ ਕੌਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਸਾਜਿਸ਼ ਤਹਿਤ ਕਿਸਾਨਾਂ ਉਪਰ ਤਸ਼ੱਦਦ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਉਪਰ ਤਸ਼ੱਦਦ ਢਾਹੁਣ ਦਾ ਹੁਕਮ ਦੇਣ ਵਾਲੇ ਐਸਡੀਐਮ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ, ਉਸ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇ, ਸ਼ਹੀਦ ਸੁਸ਼ੀਲ ਕਾਜਲ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਹਰਿਆਣਾ ਦਾ ਮੁੱਖ ਮੰਤਰੀ ਕਿਸਾਨਾਂ ਉਪਰ ਕੀਤੇ ਜਬਰ ਜ਼ੁਲਮ ਲਈ ਮੁਆਫ਼ੀ ਮੰਗੇ। ਸੀਟੂ ਆਗੂਆਂ ਨੇ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਖ਼ਿਲਾਫ਼ ਭੜਕਾਊ ਬਿਆਨਬਾਜ਼ੀ ਕਰਨ ਦੇ ਦੋਸ਼ ਹੇਠ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।