ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਅਪਰੈਲ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲੇਬਰ ਕੋਡਾਂ ਦੀਆਂ ਕਾਪੀਆਂ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਸਿੱਖਿਆ ਮੰਤਰੀ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਵਲੋਂ ਸ਼ੁਰੂ ਕੀਤੇ ਬੇਮਿਆਦੀ ਪੱਕੇ ਮੋਰਚਾ ਦੇ 16ਵੇਂ ਦਿਨ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅੱਜ ਪੱਕੇ ਮੋਰਚੇ ਦੇ 16ਵੇਂ ਦਿਨ ਜ਼ਿਲ੍ਹਾ ਪਟਿਆਲਾ ਦੇ ਬਲਾਕ ਨਾਭਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਸ਼ਾਂਤੀ ਦੇਵੀ ਦੀ ਅਗਵਾਈ ਹੇਠ ਪੱਕੇ ਮੋਰਚੇ ਵਿਚ ਸ਼ਮੂਲੀਅਤ ਕੀਤੀ। ਵਰਕਰਾਂ ਤੇ ਹੈਲਪਰਾਂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਨੂੰ ਸਿਰੇ ਤੋਂ ਨਕਾਰਦਿਆਂ ਲੇਬਰ ਕੋਡਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾ ਹਰਜੀਤ ਕੌਰ ਪੰਜੋਲਾ, ਜੁਆਇਨ ਸਕੱਤਰ ਗੁਰਦੀਪ ਕੌਰ, ਜਿਲ੍ਹਾ ਜੁਆਇੰਟ ਖਜ਼ਾਨਚੀ ਖੁਸ਼ਦੀਪ ਸ਼ਰਮਾ, ਇੰਦਰਪਾਲ ਸਿੰਘ ਅਤੇ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੇਬਰ ਕਾਨੂੰਨਾਂ ਨੂੰ ਖਤਮ ਕਰਨ ਲਈ ਲੇਬਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਹਰਮੇਸ਼ ਕੌਰ, ਕਰਮਜੀਤ ਕੌਰ, ਲਖਵੀਰ ਕੌਰ, ਕੁਲਦੀਪ ਕੌਰ, ਜਸਵੀਰ ਕੌਰ, ਸਰੋਜ, ਮਹਿੰਦਰਪਾਲ ਕੌਰ, ਕੋਮਲ ਕੌਰ, ਕੁਲਜੀਤ ਕੌਰ ਮੌਜੂਦ ਸਨ।