ਆਂਗਣਵਾੜੀ ਵਰਕਰਾਂ ਵਲੋਂ ਮੰਤਰੀਆਂ ਨੂੰ ਐਨਕਾਂ ਦੇਣ ਦਾ ਫੈਸਲਾ

* ਸਰਕਾਰ ’ਤੇ ਅੱਖੋਂ ਪਰੋਖੇ ਕਰਨ ਦਾ ਦੋਸ਼; ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਜਾਰੀ

ਆਂਗਣਵਾੜੀ ਵਰਕਰਾਂ ਵਲੋਂ ਮੰਤਰੀਆਂ ਨੂੰ ਐਨਕਾਂ ਦੇਣ ਦਾ ਫੈਸਲਾ

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਦੌਰਾਨ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ।

ਗੁਰਦੀਪ ਸਿੰਘ ਲਾਲੀ

ਸੰਗਰੂਰ, 20 ਜੂਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਖੋਂ ਪਰੋਖੇ ਕਰਨ ’ਤੇ ਪੰਜਾਬ ਸਰਕਾਰ ਨੂੰ ਐਨਕਾਂ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਸੜਕਾਂ ’ਤੇ ਰੁਲ ਰਹੀਆਂ ਪੰਜਾਬ ਦੀਆਂ ਧੀਆਂ ਸਰਕਾਰ ਨੂੰ ਨਜ਼ਰ ਆ ਸਕਣ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੱਕੇ ਮੋਰਚੇ ਦੌਰਾਨ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ’ਤੇ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਸੂਬਾ ਮੀਤ ਪ੍ਰਧਾਨ ਗੁਰਮੇਲ ਕੌਰ, ਮਨਦੀਪ ਕੁਮਾਰੀ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਵੀ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਜ਼ਿਕਰ ਤੱਕ ਨਹੀਂ ਕੀਤਾ ਅਤੇ ਪੰਜਾਬ ਦੀਆਂ ਧੀਆਂ ਭੈਣਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈਸੀਡੀਐਸ ਸਕੀਮ ਪਿਛਲੇ 46 ਸਾਲਾਂ ਤੋਂ ਚੱਲ ਰਹੀ ਹੈ ਜਿਸ ਵਿਚ 0 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਮੁੱਢਲੀ ਦੇਖਭਾਲ ਅਤੇ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਸੰਭਾਲ ਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਸ ਤੋਂ ਇਲਾਵਾ 2020 ਤੋਂ ਕਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ ’ਤੇ ਯੋਧਿਆਂ ਦੇ ਰੂਪ ਵਿਚ ਡਿਊਟੀ ਦੇ ਰਹੀਆਂ ਹਨ ਪਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਆਂਗਣਵਾੜੀ ਕੇਂਦਰਾਂ ਨੂੰ ਉਜਾੜਨ ਲਈ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਜਿਸ ਕਾਰਨ ਹਜ਼ਾਰਾਂ ਵਰਕਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ 97 ਦਿਨਾਂ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਅਤੇ 41 ਦਿਨਾਂ ਤੋਂ ਇਸਤਰੀ ਤੇ ਬਾਲ ਵਿਕਾਸ ਮੰਤਰੀ ਦੀ ਕੋਠੀ ਅੱਗੇ ਧਰਨੇ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਨਜ਼ਰ ਅੰਦਾਜ਼ ਕੀਤੇ ਜਾਣ ’ਤੇ ਪੱਕੇ ਮੋਰਚੇ ਦੇ 100 ਦਿਨ ਪੂਰੇ ਹੋਣ ’ਤੇ ਸਰਕਾਰ ਦੇ ਮੰਤਰੀਆਂ ਨੂੰ ਐਨਕਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ਼ਬਨਮ, ਸੁਖਵੀਰ ਕੌਰ, ਕੁਲਦੀਪ ਕੌਰ ਆਦਿ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All