ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ

ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ

ਸੰਗਰੂਰ ਡੀਸੀ ਦਫ਼ਤਰ ਅੱਗੇ ਆਂਗਣਵਾੜੀ ਵਰਕਰਾਂ ਅਰਥੀ ਫ਼ੂਕ ਮੁਜ਼ਾਹਰਾ ਕਰਦੀਆਂ ਹੋਈਆਂ।-ਫੋਟੋ: ਲਾਲੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਸਤੰਬਰ

ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦੇ ਵਿਰੋਧ ਵਿਚ ਇਥੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ 2 ਅਕਤੂਬਰ ਨੂੰ ਵਿਭਾਗ ਦੀ ਮੰਤਰੀ ਅਰੁਨਾ ਚੌਧਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਡੀਸੀ ਕੰਪਲੈਕਸ ਅੱਗੇ ਇਕੱਠੀਆਂ ਹੋਈਆਂ ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਵਰਕਰਾਂ ਪੰਜਾਬ ਕੈਬਨਿਟ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਲਏ ਫੈਸਲੇ ਤੋਂ ਖਫ਼ਾ ਸਨ ਕਿਉਂਕਿ ਇਸ ਫੈਸਲੇ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜ਼ਗਾਰ ਨੂੰ ਖਤਰਾ ਪੈਦਾ ਹੋ ਗਿਆ ਹੈ। ਇਸ ਮੌਕੇ ਯੂਨੀਅਨ ਦੀ ਬਲਾਕ ਪ੍ਰਧਾਨ ਮਨਦੀਪ ਕੁਮਾਰੀ ਨੇ ਕਿਹਾ ਕਿ ਪਿੱਛਲੇ 45 ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਦੁਆਰਾ  ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਪਾਲਿਸੀ  ਤਹਿਤ ਪ੍ਰੀ ਸਕੂਲ ਸਿੱਖਿਆ ਦਿੱਤੀ ਜਾਂਦੀ ਹੈ ਤੇ ਨਾਲ ਹੀ ਹੋਰ ਵਡਮੁੱਲੀਆਂ ਸੇਵਾਵਾਂ ਨਿਊਟ੍ਰੇਸ਼ਨ, ਟੀਕਾਕਰਨ, ਸਿਹਤ ਜਾਂਚ, ਸਿਹਤ ਤੇ ਖ਼ੁਰਾਕ ਸਬੰਧੀ ਸਿੱਖਿਆ ਤੇ  ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। 

ਪਾਤੜਾਂ (ਗੁਰਨਾਮ ਸਿੰਘ ਚੌਹਾਨ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਲਈ ਅਧਿਆਪਕਾਂ ਦੀ ਕੀਤੀ ਜਾਣ ਵਾਲੀ ਭਰਤੀ ਵਿੱਚੋਂ ਆਂਗਨਵਾੜੀ ਵਰਕਰਾਂ ਨੂੰ ਅੱਖੋਂ ਪਰੋਖੇ ਕਰਨ ਦੇ ਕੀਤੇ ਗਏ ਫ਼ੈਸਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਪੁਰਾਣੇ ਬੱਸ ਅੱਡੇ ਵਿਖੇ ਕੈਬਨਿਟ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ।

ਬਲਾਕ ਆਗੂ ਰਣਬੀਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਨਿੱਤ ਨਵੇਂ ਫ਼ਰਮਾਨ ਜਾਰੀ ਕੀਤੇ ਜਾ ਰਹੇ ਹਨ । ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਫ਼ੈਸਲਾ ਕਰਕੇ ਆਂਗਨਵਾੜੀ ਕੇਂਦਰਾਂ ਵਿੱਚੋ ਬੱਚਿਆਂ ਦੀਆਂ ਪਹਿਲੀਆਂ ਕਿਲਕਾਰੀਆਂ ਖੋਹ ਲਈਆਂ ਹਨ ਹੁਣ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਆਂਗਣਵਾੜੀ ਵਰਕਰਾਂ ਦੀ ਅਣਦੇਖੀ ਕੀਤੀ ਗਈ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All