ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਤੋਂ ਖ਼ਫ਼ਾ ਕਿਸਾਨਾਂ ਵੱਲੋਂ ਗਰਿੱਡ ਅੱਗੇ ਰੋਸ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਪਿੰਡ ਮੰਗਵਾਲ ਇਕਾਈ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਰਾਣੂ ਦੀ ਅਗਵਾਈ ਹੇਠ ਬਿਜਲੀ ਗ੍ਰਿੱਡ ਮੰਗਵਾਲ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਤੋਂ ਖ਼ਫ਼ਾ...
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂਆਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਪੂਰੇ ਜ਼ੋਰਾਂ 'ਤੇ ਹੈ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਦੀ ਲੋੜ ਹੈ। ਪਰੰਤੂ ਸਰਕਾਰ ਦੇ ਦਾਅਵਿਆਂ ਅਨੁਸਾਰ ਅੱਠ ਘੰਟੇ ਵੀ ਸਪਲਾਈ ਨਹੀਂ ਮਿਲ ਰਹੀ, ਕਿਉਂਕਿ ਬਿਜਲੀ ਸਪਲਾਈ ਵਿੱਚ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਕਰਕੇ ਝੋਨੇ ਦੀ ਲਵਾਈ ਅਤੇ ਫ਼ਸਲ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਲੇਟ ਲਵਾਈ ਨਾਲ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਵੀ ਖੱਜਲ-ਖੁਆਰੀ ਸਹਿਣੀ ਪਵੇਗੀ, ਕਿਉਂਕਿ ਏਜੰਸੀਆਂ ਵੱਲੋਂ ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਦੀ ਲੁੱਟ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰੀ ਸੈਕਟਰ, ਦਿਹਾਤੀ ਸੈਕਟਰ ਅਤੇ ਇੰਡਸਟਰੀ ਸੈਕਟਰ ਦੇ ਵਿੱਚ ਕੱਟ ਲਗਾ ਕੇ ਕਿਸਾਨਾਂ ਦੇ ਖੇਤੀ ਸੈਕਟਰ ਵਿੱਚ ਬਿਜਲੀ ਸਪਲਾਈ ਪੂਰੀ ਕੀਤੀ ਜਾ ਸਕਦੀ ਹੈ।
ਕਰੀਬ ਡੇਢ ਵਜੇ ਬਿਜਲੀ ਗ੍ਰਿੱਡ ਦਾ ਘਿਰਾਓ ਕਰਨ ਤੋਂ ਬਾਅਦ ਪਾਵਰਕੌਮ ਦੇ ਕਾਰਜਕਾਰੀ ਇੰਜੀਨੀਅਰ ਨੇ ਮੌਕੇ 'ਤੇ ਪੁੱਜ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਭਰੋਸਾ ਦਿਵਾਇਆ ਕਿ ਇੱਕ-ਦੋ ਦਿਨਾਂ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਭਰੋਸੇ ਮਗਰੋਂ ਧਰਨਾ ਸਮਾਪਤ ਕੀਤਾ ਗਿਆ।
